www.sursaanjh.com > ਸਿੱਖਿਆ > ਖਿਜ਼ਰਾਬਾਦ ਵਿਖੇ ਹੋਏ ਬਲਾਕ ਪੱਧਰੀ ਸਮਾਗਮ ਨਾਲ ਸਰਕਾਰੀ ਸਕੂਲਾਂ ਦੀ ਦਾਖ਼ਲਾ ਮੁਹਿੰਮ ਦਾ ਆਗਾਜ਼

ਖਿਜ਼ਰਾਬਾਦ ਵਿਖੇ ਹੋਏ ਬਲਾਕ ਪੱਧਰੀ ਸਮਾਗਮ ਨਾਲ ਸਰਕਾਰੀ ਸਕੂਲਾਂ ਦੀ ਦਾਖ਼ਲਾ ਮੁਹਿੰਮ ਦਾ ਆਗਾਜ਼

ਚੰਡੀਗੜ੍ਹ 20 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾਖਲਾ ਵਧਾਉਣ ਲਈ ਅਰੰਭੀ ਦਾਖਲਾ ਮੁਹਿੰਮ-2025 ਦਾ ਆਗਾਜ਼ ਅੱਜ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਸਮਾਗਮ ਨਾਲ ਹੋਇਆ। ਇਸ ਮੌਕੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ।
ਪ੍ਰਿੰਸੀਪਲ ਇਕਬਾਲ ਕੌਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਮਲਜੀਤ ਸਿੰਘ ਦੀ ਦੇਖ-ਰੇਖ ਹੋਏ ਇਸ ਸਮਾਗਮ ਵਿੱਚ ਬਲਾਕ ਅਧੀਨ ਪੈਂਦੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਤੋਂ ਇਲਾਵਾ ਪਿੰਡਾਂ ਦੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਅਧਿਆਪਕਾ ਆਂਚਲ ਜਿੰਦਲ, ਮੋਹਨਜੀਤ ਸਿੰਘ ਖਿਜ਼ਰਾਬਾਦ, ਮਨਪ੍ਰੀਤ ਸਿੰਘ ਮੁੰਧੋਂ ਸੰਗਤੀਆਂ, ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਸਿੰਘ ਅਤੇ ਪ੍ਰਿੰਸੀਪਲ ਇਕਬਾਲ ਕੌਰ ਨੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਸਬੰਧੀ ਜਾਣੂ ਕਰਵਾਇਆ ਅਤੇ ਦੱਸਿਆ ਕਿ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਨਾਲ ਮੁਫ਼ਤ ਕਿਤਾਬਾਂ, ਵਜੀਫ਼ਾ, ਵਰਦੀ, ਖਾਣਾ ਅਤੇ ਹੋਰ ਅਨੇਕਾਂ ਸਹੂਲਤਾਂ ਦੇਣ ਤੋਂ ਇਲਾਵਾ ਨਵੀਆਂ ਤਕਨੀਕਾਂ ਤੇ ਮਲਟੀ ਮੀਡੀਆ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ।
ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸੇ ਦੌਰਾਨ ਸਮਾਜ ਸੇਵੀ ਰਾਣਾ ਕੁਸ਼ਲਪਾਲ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਸਿੱਖਿਆ ਤੇ ਸਿਹਤ ਸਹੂਲਤਾਂ ‘ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾ ਕੇ ਮਿਆਰੀ ਸਿੱਖਿਆ ਯਕੀਨੀ ਬਣਾਈ ਜਾ ਰਹੀ ਹੈ।
ਸਮਾਗਮ ਦੇ ਅਗਲੇ ਚਰਨ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਇਕਬਾਲ ਕੌਰ ਅਤੇ ਆਂਚਲ ਜਿੰਦਲ ਨੇ ਰੈਲੀ ਨੂੰ ਰਵਾਨਾ ਕੀਤਾ। ਵਿਦਿਆਰਥੀਆਂ ਨੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਨਾਲ ਜੁੜਨ ਅਤੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਪੰਚ ਨਿਰਪਾਲ ਸਿੰਘ ਰਾਣਾ, ਸਰਪੰਚ ਹਰਜੀਤ ਕੌਰ, ਸੁਖਦੀਪ ਸਿੰਘ, ਨਿਤਾਸ਼ਾ ਗੁਪਤਾ ਆਦਿ ਤੋਂ ਇਲਾਵਾ ਵਿਦਿਆਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *