Breaking
www.sursaanjh.com > ਅੰਤਰਰਾਸ਼ਟਰੀ > ਧੁੱਪ ਤੋਂ ਬੱਚਣ ਲਈ ਦੁਪਿਹਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ; ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ

ਧੁੱਪ ਤੋਂ ਬੱਚਣ ਲਈ ਦੁਪਿਹਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ; ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ

ਵੱਧ ਰਾਹੀਂ ਗਰਮੀ ਦੇ ਮੱਦੇਨਜ਼ਰ ਸਿਵਲ ਸਰਜਨ ਮੋਗਾ ਨੇ ਅਡਵਾਇਜਰੀ ਜਾਰੀ ਕੀਤੀ
ਮੋਗਾ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪ੍ਰੈਲ:
ਰਾਜ ਵਿੱਚ ਇਸ ਗਰਮੀ ਦੇ ਮੌਸਮ ਦੌਰਾਨ ਲਗਾਤਾਰ ਦਿਨ ਦਾ ਤਾਪਮਾਨ ਵੱਧ ਰਿਹਾ ਹੈ, ਮੌਸਮ ਵਿਭਾਗ ਵੱਲੋਂ ਵੀ ਅਗਲੇ ਦਿਨਾਂ ਵਿੱਚ ਅਚਾਨਕ ਤਾਪਮਾਨ ਦੇ ਵੱਧਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਲਈ ਗਰਮੀ ਤੋਂ ਬਚਣ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਪਾਣੀ, ਨਿੰਬੂ-ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ। ਜੇਕਰ ਹੋ ਸਕੇ ਤਾਂ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ਼, ਖਰਬੂਜ਼ਾ, ਸੰਤਰਾ, ਖੀਰੇ, ਟਮਾਟਰ ਆਦਿ ਵੱਧ ਪਾਣੀ ਵਾਲੇ ਪਦਾਰਥਾਂ ਦੀ ਵਰਤੋਂ ਵੀ ਕਰਨੀ ਚਾਹੀਦੀ ਹੈ। ਤਿੱਖੀ ਧੁੱਪ ਤੋਂ ਬੱਚਣ ਲਈ ਦੁਪਿਹਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ। ਜੇਕਰ ਦੁਪਹਿਰ ਵੇਲੇ ਕਿਸੇ ਕੰਮ ਕਰਕੇ ਬਾਹਰ ਜਾਣਾ ਪੈ ਜਾਂਦਾ ਹੈ ਤਾਂ ਕੋਸ਼ਿਸ਼ ਕਰੋ ਕਿ ਕੁੱਝ ਸਮਾਂ ਠੰਡੀ ਥਾਂ ਜਿਵੇਂ ਕਿ ਰੁੱਖ ਹੇਠਾਂ ਬੈਠਿਆ ਜਾਵੇ। ਗਰਮੀ ਦੇ ਦਿਨਾਂ ਦੌਰਾਨ ਹਮੇਸ਼ਾਂ ਹਲਕੇ ਰੰਗ ਦੇ ਕੱਪੜੇ ਪਾਏ ਜਾਣ। ਉੁਹਨਾਂ ਦੱਸਿਆ ਕਿ ਨਵ ਜੰਮੇ ਬੱਚਿਆਂ, ਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਰੂਪ ਵਿੱਚ ਬੀਮਾਰ ਲੋਕਾਂ, ਦਿਲ ਦੇ ਰੋਗਾਂ ਤੋਂ ਪੀੜਤ ਵਿਅਕਤੀ , ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ, ਇਸ ਲਈ ਗਰਮੀ ਦੇ ਦਿਨਾਂ ਵਿਚ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦਾ ਖਾਸ ਧਿਆਨ ਰਖਿਆ ਜਾਵੇ।
ਉਹਨਾਂ ਦੱਸਿਆ ਕਿ ਹੀਟਸਟਰੋਕ ਦੇ ਮਰੀਜਾਂ ਦੀ ਸੰਭਾਲ ਲਈ ਜਿਲ੍ਹਾ ਹਸਪਤਾਲ ਅਤੇ ਸੀ ਐਚ ਸੀ ਪੱਧਰ ਤੇ ਵੀ ਵੱਖਰੇ ਪਰਬੰਧ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਨਰੇਸ਼ ਆਮਲਾ ਨੇ ਦੱਸਿਆ ਕਿ ਗਰਮੀ ਲੱਗਣ ਨਾਲ ਸ਼ਰੀਰ ਤੇ ਪਿੱਤ, ਚੱਕਰ ਆਉਣੇ, ਬਹੁਤ ਪਸੀਨਾਂ ਆਉਣਾ ਤੇ ਥਕਾਨ ਹੋਣਾ, ਸਿਰ ਦਰਦ ਤੇ ਉਲਟੀਆਂ ਲਗਣੀਆਂ, ਚਮੜੀ ਦਾ ਲਾਲ ਹੋਣਾ ਤੇ ਖੁਸ਼ਕ ਹੋਣਾ,ਬੇਚੈਨੀ, ਚਿੜਚਿੜਾਪਣ,ਦਿਲ ਦੀ ਧੜਕਣ ਦਾ ਵੱਧਣਾ ਆਦਿ ਵਰਗੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ ਅਤੇ ਕਈ ਵਾਰੀ ਗਰਮੀ ਲੱਗਣ ਨਾਲ ਮਾਸ਼ਪੇਸ਼ੀਆਂ ਵਿਚ ਵੀ ਕਮਜੋਰੀ ਆ ਜਾਂਦੀ ਹੈ, ਜਿਸ ਨਾਲ ਵਿਅਕਤੀ ਥੋੜਾ ਜਿਹਾ ਕੰਮ ਕਰਨ ਤੇ ਵੀ ਬਹੁਤ ਜ਼ਿਆਦਾ ਥਕਾਨ ਮਹਿਸੂਸ ਕਰਦਾ ਹੈ। ਗਰਮੀ ਦੇ ਮੌਸਮ ਵਿੱਚ ਕੜਕਦੀ ਧੁੱਪ ਵਿੱਚ ਲੇਬਰ ਦਾ ਕੰਮ ਕਰ ਰਹੇ ਵਿਅਕਤੀਆਂ ਵਿੱਚ ਕਈ ਵਾਰੀ ਹੀਟ ਸਟਰੋਕ ਦੀ ਪ੍ਰੇਸ਼ਾਨੀ ਆਉਂਦੀ ਹੈ, ਜੋ ਕਿ ਜਾਨ ਲੇਵਾ ਵੀ ਹੋ ਸਕਦੀ ਹੈ। ਇਸ ਲਈ ਕੜਕਦੀ ਧੁੱਪ ਚ ਲੰਮੇ ਸਮੇਂ ਕੰਮ ਤੋਂ ਗੁਰੇਜ਼ ਕੀਤਾ ਜਾਵੇ। ਜਰੂਰਤ ਪੈਣ ਤੇ ਮੁਫਤ ਐਂਬੂਲੈਂਸ ਸੇਵਾ ਲਈ ਟੋਲ ਫ੍ਰੀ ਨੰਬਰ 108 ਅਤੇ ਸਿਹਤ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 104 ਤੇ ਸਪੰਰਕ ਕੀਤਾ ਜਾ ਸਕਦਾ ਹੈ।
ਫੋਟੋ ਕੈਪਸ਼ਨ: ਸਿਵਲ ਸਰਜਨ ਡਾ.ਰਮਨਦੀਪ ਸਿੰਗਲਾ ਦੇ ਨਾਲ ਮੈਡਮ ਜਸਜੀਤ ਕੌਰ, ਹਰਜਿੰਦਰ ਕੌਰ ਅਤੇ ਅੰਮ੍ਰਿਤ ਸ਼ਰਮਾ ਵੀ  ਦਿਖਾਈ ਦੇ ਰਹੇ ਹਨ।

Leave a Reply

Your email address will not be published. Required fields are marked *