ਮੁੱਖ ਮੰਤਰੀ ਵੱਲੋਂ ਸਿੱਧੀ ਬਿਜਾਈ ਰਾਹੀਂ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਐਲਾਨ ਦਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਵਾਗਤ
ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦੇ ਐਲਾਨ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਾਗਤ ਕੀਤਾ ਹੈ।
ਇਥੋਂ ਜਾਰੀ ਇਕ ਬਿਆਨ ਵਿਚ ਸੰਧਵਾਂ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਡਿੱਗਦੇ ਪੱਧਰ ਨੂੰ ਰੋਕਣ ਲਈ ਜਿੱਥੇ ਸੂਬਾ ਸਰਕਾਰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਉਥੇ ਹੀ ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਸਹਾਇਤਾ ਰਾਸ਼ੀ ਦਾ ਐਲਾਨ ਕਿਰਸਾਨੀ ਅਤੇ ਧਰਤੀ ਹੇਠਲੇ ਪਾਣੀ ਲਈ ਬੇਹੱਦ ਮਹੱਤਵਪੂਰਨ ਹੈ। ਉਹਨਾਂ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੂੰ ਇਸ ਸੀਜ਼ਨ ਦੌਰਾਨ ਰਵਾਇਤੀ ਢੰਗ ਨਾਲ ਝੋਨਾ ਲਾਉਣ ਦੀ ਬਜਾਏ ਵੱਧ ਤੋਂ ਵੱਧ ਰਕਬਾ ਸਿੱਧੀ ਬਿਜਾਈ ਹੇਠ ਲੈ ਕੇ ਆਉਣਾ ਚਾਹੀਦਾ ਹੈ।