ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ
ਚੰਡੀਗੜ੍ਹ 30 ਦਸੰਬਰ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ):
ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨਵਾਂ ਗਰਾਂਓਂ ਵਿੱਚ ਕਮਿਊਨਿਟੀ ਸੈਂਟਰ ਦੇ ਨਿਰਮਾਣ ਕਾਰਜ ਨੂੰ ਰੋਕਣ ਸਮੇਤ ਉਥੇ ਐਸਟੀਪੀ ਅਤੇ ਸੀਵਰੇਜ ਸਿਸਟਮ ਨਾ ਹੋਣ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਣ ਤੋਂ ਬਾਅਦ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਤੁਰੰਤ ਕਾਰਵਾਈ ਕਰਨ ਫੇ ਹੁਕਮ ਦਿੱਤਾ ਹੈ। ਸੰਸਦ ਮੈਂਬਰ ਤਿਵਾੜੀ ਨੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਦੱਸਿਆ ਸੀ ਕਿ 13 ਅਕਤੂਬਰ, 2020 ਨੂੰ ਉਨ੍ਹਾਂ ਨੇ ਤਤਕਾਲੀ ਹਲਕਾ ਇੰਚਾਰਜ ਨਾਲ ਮਿਲ ਕੇ ਨਵਾਂ ਗਰਾਂਓਂ ਵਿਖੇ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਨੀਂਹ ਪੱਥਰ ਰੱਖਿਆ ਸੀ, ਜੋ ਕਿ ਸੈਕਟਰ-2, ਚੰਡੀਗੜ੍ਹ ਵਿੱਚ ਤੁਹਾਡੀ ਰਿਹਾਇਸ਼ ਤੋਂ ਸਿਰਫ਼ 500 ਮੀਟਰ ਦੀ ਦੂਰੀ ‘ਤੇ ਹੈ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਉਕਤ ਪ੍ਰਾਜੈਕਟ ਫੰਡਾਂ ਦੀ ਘਾਟ ਕਾਰਨ ਬੰਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੀ ਸਰਕਾਰ ਦੇ ਸਮੇਂ ਤੋਂ ਹੀ ਉਹ ਨਵਾਂ ਗਰਾਂਓਂ ਵਿੱਚ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਸੀਵਰੇਜ ਸਿਸਟਮ ਲਗਾਉਣ ਦੀ ਅਪੀਲ ਕੀਤੀ ਸੀ, ਜਿੱਥੇ ਸੰਘਣੀ ਅਬਾਦੀ ਹੋਣ ਦੇ ਬਾਵਜੂਦ ਅਜਿਹੀਆਂ ਬੁਨਿਆਦੀ ਸਹੂਲਤਾਂ ਨਹੀਂ ਹਨ। ਉਹ ਆਪ ਨੂੰ ਵੀ ਅਪੀਲ ਕਰਦੇ ਹਨ ਕਿ ਉਹ ਖੁਦ ਵੀ ਇਲਾਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈਣ। ਉਹ ਤੁਹਾਨੂੰ ਪੱਤਰ ਲਿਖ ਕੇ ਅਪੀਲ ਕਰਦੇ ਹਨ ਕਿ ਜਲਦੀ ਤੋਂ ਜਲਦੀ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਫੰਡ ਜਾਰੀ ਕੀਤੇ ਜਾਣ ਤਾਂ ਜੋ ਇਸ ਕਸਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਸਕਣ। ਅਪੀਲ ਕਰਦੇ ਹੋਏ ਕਿ ਉਹ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਨਿਰਦੇਸ਼ ਦੇਣ ਕਿ ਇਸ ਪ੍ਰੋਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਜੇਕਰ ਲੋੜ ਪਵੇ ਤਾਂ ਇਸ ਸਬੰਧੀ ਪ੍ਰਸਤਾਵ ਕੈਬਨਿਟ ਵਿੱਚ ਲਿਆਂਦਾ ਜਾਵੇ ਤਾਂ ਜੋ ਲੋੜੀਂਦੇ ਫੰਡ ਜਾਰੀ ਕੀਤੇ ਜਾ ਸਕਣ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਲ ਬਾਡੀਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।