ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸਟਰ ਵਿਖੇ ਦੋ ਰੋਜ਼ਾ ਖੇਤਰੀ ਵਰਕਸ਼ਾਪ ਵਿਚ ਲਿਆ ਹਿੱਸਾ
ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਕੀਤਾ ਜ਼ਿਕਰ
ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਫਰਵਰੀ:
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸ਼ਟਰ ਦੇ ਪੂਨੇ ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸਮਾਜਿਕ ਨਿਆਂ ਸਬੰਧੀ ਕਰਵਾਈ ਗਈ ਦੋ ਰੋਜ਼ਾ ਵਰਕਸ਼ਾਪ ਵਿੱਚ ਹਿੱਸਾ ਲਿਆ। ਇਹ ਵਰਕਸ਼ਾਪ ਮਿਤੀ 28 ਫਰਵਰੀ ਤੋਂ 1 ਮਾਰਚ ਤੱਕ ਆਯੋਜਿਤ ਕੀਤੀ ਗਈ ਹੈ। ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵੱਖ-ਵੱਖ ਮੰਤਰੀਆਂ ਅਤੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਨਿਆਂ ਵਿਭਾਗ ਇੱਕ ਅਜਿਹਾ ਵਿਭਾਗ ਹੈ ਜੋ ਸਮਾਜ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਸਮੇਂ-ਸਮੇਂ ਤੇ ਨਿਆਂ ਦਿੰਦਾ ਰਿਹਾ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਲਗਾਤਾਰ ਪਾਰਦਰਸ਼ਤਾ ਨਾਲ ਰਾਖੀ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਗਿਣਤੀ 32 ਫੀਸਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਭਲਾਈ ਲਈ ਬਣਾਈਆ ਨੀਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜਿਸ ਨਾਲ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਕਾਫੀ ਮੱਦਦ ਮਿਲੀ ਹੈ।
ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦਾ ਵਿਦਿਅਕ, ਸਮਾਜਿਕ ਅਤੇ ਘੱਟ ਗਿਣਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਰਾਜ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਬੇਹਤਰ ਢੰਗ ਨਾਲ ਲਾਗੂ ਕਰਨ ਵਾਲੇ ਦੇਸ਼ ਦੇ ਪਹਿਲੇ ਪੰਜ ਰਾਜਾਂ ਵਿੱਚ ਸਥਾਨ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਰਾਜ ਵਿੱਚ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਦੋ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਡਾ.ਬੀ.ਆਰ ਅੰਬੇਡਕਰ ਭਵਨ ਸਥਾਪਤ ਕੀਤੇ ਗਏ ਹਨ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆਂ ਕਰਵਾਈਆ ਜਾਂਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਡਾ.ਬੀ.ਆਰ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਸੰਸਥਾ, ਐਸ.ਏ.ਐਸ ਨਗਰ (ਮੁਹਾਲੀ) ਵਿਖੇ ਅਨੁਸੂਚਿਤ ਜਾਤੀਆਂ, ਪੱਛੜੀ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਆਈ.ਏ.ਐਸ, ਪੀ.ਸੀ.ਐਸ ਅਤੇ ਬੈਂਕ ਪੀ.ਓ ਦੇ ਪ੍ਰੀਲਿਮਨਰੀ ਇੰਗਜਾਮੀਨੇਸ਼ਨ ਵਾਸਤੇ ਕੋਚਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਡਾ.ਅੰਬੇਡਕਰ ਭਵਨ ਮੁਹਾਲੀ ਨੂੰ ਸਥਾਪਤ ਕਰਨ ਲਈ ਲੱਗਭੱਗ 45 ਕਰੋੜ ਦੀ ਜ਼ਰੂਰਤ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਇਸ ਲਈ 50 ਫੀਸਦੀ ਗਰਾਂਟ ਦੀ ਮੰਗ ਕੀਤੀ, ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਦਿਆਰਥੀ ਹਾਇਰ ਐਜੂਕੇਸ਼ਨ ਪ੍ਰਾਪਤ ਕਰ ਸਕਣ।