www.sursaanjh.com > ਚੰਡੀਗੜ੍ਹ/ਹਰਿਆਣਾ > ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ
ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਭਰਨ ਦੇ ਉਦੇਸ਼ ਨਾਲ ਚੁੱਕਿਆ ਕਦਮ

ਪੰਜਾਬ ਦੇ ਦੁਨੀਆ ਭਰ ਵਿੱਚ ਵਸਤ ਉਤਪਾਦਨ ਦਾ ਗੜ੍ਹ ਬਣਨ ਦੀ ਉਮੀਦ ਜਤਾਈ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਵੈ-ਸਹਾਇਤਾ ਗਰੁੱਪਾਂ ਵੱਲੋਂ ਸਿਲਾਈ ਕੀਤੀਆਂ ਵਰਦੀਆਂ ਦੇਣ ਦਾ ਐਲਾਨ

ਜ਼ਮੀਨਾਂ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਜਾਰੀ ਕਰਨ ਦੇ ਮੁੱਦੇ ਨੂੰ ਸੂਬਾ ਸਰਕਾਰ ਛੇਤੀ ਹੱਲ ਕਰੇਗੀ

ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਤੇ ਹੋਰ ਵਿਭਾਗਾਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ੁਰੂਆਤ ਦਾ ਐਲਾਨ

ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਦੇਸ਼ ਲਈ ਨਾਮਣਾ ਖੱਟ ਰਹੇ ਨੇ

ਸੰਗਰੂਰ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ:

ਪੰਜਾਬ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 12 ਲਾਇਬ੍ਰੇਰੀਆਂ ਤਾਂ ਸਿਰਫ਼ ਸ਼ੁਰੂਆਤ ਹੈ ਅਤੇ 16 ਅਜਿਹੀਆਂ ਹੋਰ ਲਾਇਬ੍ਰੇਰੀਆਂ ਦਾ ਜਲਦੀ ਉਦਘਾਟਨ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ਵ ਪੱਧਰੀ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤਾਂ ਕਿ ਇਹ ਪੁਸਤਕ ਪ੍ਰੇਮੀਆਂ ਲਈ ਜੰਨਤ ਬਣਨ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਏਅਰ ਕੰਡੀਸ਼ਨਰ, ਇਨਵਰਟਰ, ਸੀ.ਸੀ.ਟੀ.ਵੀ. ਕੈਮਰੇ, ਵਾਈ-ਫਾਈ ਅਤੇ ਹੋਰ ਆਧੁਨਿਕ ਸਹੂਲਤਾਂ ਮੁਹੱਈਆਂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਅਸਲ ਵਿੱਚ ਗਿਆਨ ਤੇ ਸਾਹਿਤ ਦਾ ਭੰਡਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਦੀ ਗੱਲ ਹੈ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਬੇਸ਼ਕੀਮਤੀ ਪੁਸਤਕਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਕਈ ਬਹੁਤ ਦੁਰਲੱਭ ਤੇ ਬੇਸ਼ਕੀਮਤੀ ਕਿਤਾਬਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਲਈ ਬਹੁਮੁੱਲਾ ਸਰਮਾਇਆ ਸਾਬਤ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਕਿਸਮਤ ਬਦਲਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਤਿਆਰ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਘਰ ਨੂੰ ਉਤਪਾਦਨ ਇਕਾਈ ਬਣਾਉਣ ਲਈ ਇਸ ਜ਼ਿਲ੍ਹੇ ਵਿੱਚ ਚੱਲ ਰਹੀ ‘ਪਹਿਲ’ ਨਾਂ ਦੀ ਚਲਾਈ ਸਕੀਮ ਨੂੰ ਹੁਣ ਸੂਬਾ ਸਰਕਾਰ ਪੰਜਾਬ ਭਰ ਵਿੱਚ ਲਾਗੂ ਕਰੇਗੀ। ਚੀਨ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਨੂੰ ਇਸ ਪ੍ਰਣਾਲੀ ਰਾਹੀਂ ਵਿਸ਼ਵ ਭਰ ਵਿੱਚ ਵਸਤ ਨਿਰਮਾਣ ਵਿੱਚ ਮੋਹਰੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਮਿਹਨਤ ਤੇ ਸਮਰਪਣ ਦੀ ਗੁੜ੍ਹਤੀ ਵਿਰਸੇ ਵਿੱਚ ਮਿਲੀ ਹੈ, ਜਿਸ ਰਾਹੀਂ ਉਹ ਹਰੇਕ ਖ਼ੇਤਰ ਵਿੱਚ ਆਪਣੀ ਕਾਮਯਾਬੀ ਦੇ ਝੰਡੇ ਗੱਡ ਰਹੇ ਹਨ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਦੀ ਸਿਲਾਈ ਸਵੈ-ਸਹਾਇਤਾ ਗਰੁੱਪਾਂ ਤੋਂ ਕਰਵਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਸਵੈ-ਸਹਾਇਤਾ ਗਰੁੱਪ ਕਾਰਜਸ਼ੀਲ ਹਨ ਅਤੇ ਇਸ ਕਦਮ ਨਾਲ ਇਨ੍ਹਾਂ ਗਰੁੱਪਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਖਾਸ ਤੌਰ ‘ਤੇ ਪੇਂਡੂ ਖੇਤਰਾਂ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਜਾਂ ਆਪਣੇ ਪਰਿਵਾਰ ਮੈਂਬਰਾਂ ਦੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸ਼ਕਤੀਆਂ ਦੀ ਵਰਤੋਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਆਮ ਆਦਮੀ ਨੂੰ ਮੂਰਖ ਬਣਾਇਆ ਹੈ ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨੂੰ ਲੁੱਟਣ ਦੀ ਬਜਾਏ ਹਸਪਤਾਲ, ਸਕੂਲ ਆਦਿ ਬਣਾ ਕੇ ਉਨ੍ਹਾਂ ਦੀ ਸੇਵਾ ਕਰਨ ਲਈ ਯਤਨਸ਼ੀਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਦੌਰਾਨ ਹੀ ਸੂਬੇ ਵਿੱਚ 36521 ਨੌਕਰੀਆਂ ਦਿੱਤੀਆਂ ਅਤੇ  ਨੌਜਵਾਨਾਂ ਨੂੰ ਹਰ ਮਹੀਨੇ 2000 ਸਰਕਾਰੀ ਨੌਕਰੀਆਂ ਦੇਣ ਦਾ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਪਾਰਦਰਸ਼ਤਾ ਢੰਗ ਨਾਲ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਮਹਿਲਨੁਮਾ ਘਰਾਂ ‘ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਸਿਆਸੀ ਦ੍ਰਿਸ਼ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਸਦਕਾ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਅਤੇ ਇਸ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਨਸਰਾਂ ਨੂੰ ਜੇਲ੍ਹਾਂ ਪਿੱਛੇ ਡੱਕਿਆ ਜਾਵੇਗਾ ਅਤੇ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਵੱਲੋ ਵਿੱਢੇ ਸੰਘਰਸ਼ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਜ਼ਮੀਨਾਂ ਦੀ ਰਜਿਸਟਰੀ ਲਈ ਐਨ.ਓ.ਸੀ. ਸਬੰਧੀ ਮੁੱਦਾ ਵੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਜ਼ਮੀਨ ਦੀ ਪਛਾਣ ਅਤੇ ਹੱਦਬੰਦੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਅਤੇ ਹੋਰ ਵਿਭਾਗਾਂ ਵਿੱਚ ਨਵੀਂ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਹੋਰ ਸਹੂਲਤਾਂ ਦੇ ਕੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

Leave a Reply

Your email address will not be published. Required fields are marked *