ਕਾਂਗਰਸ ਨੇ ਪਹਿਲਾਂ ਪੰਜਾਬ ਨੂੰ ਵੰਡਿਆ, ਹੁਣ ਦੇਸ਼ ਨੂੰ ਵੰਡਣਾ ਚਾਹੁੰਦੀ ਹੈ: ਸਮ੍ਰਿਤੀ ਇਰਾਨੀ
ਕੇਂਦਰੀ ਮੰਤਰੀ ਨੇ ਪਾਕਿਸਤਾਨ ਪ੍ਰਤੀ ਪਿਆਰ ਲਈ ਕਾਂਗਰਸ ਦੀ ਸਖ਼ਤ ਨਿੰਦਾ ਕੀਤੀ
ਕੇਜਰੀਵਾਲ ਅਤੇ ਉਹਨਾਂ ਦੇ ਲੀਡਰ ਭ੍ਰਿਸ਼ਟਾਚਾਰ ਵਿੱਚ ਡੁੱਬੇ ਹੋਏ ਹਨ : ਸਮ੍ਰਿਤੀ ਇਰਾਨੀ
ਇਰਾਨੀ ਨੇ ਕਿੱਤੀ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੂੰ ਵੋਟ ਪਾਉਣ ਦੀ ਅਪੀਲ
ਗੜ੍ਹਸ਼ੰਕਰ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਈ :
ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸਮ੍ਰਿਤੀ ਇਰਾਨੀ ਨੇ ਅੱਜ ਕਾਂਗਰਸ ਦੀਆਂ ਦੇਸ਼ ਵਿਰੋਧੀ ਨੀਤੀਆਂ ਨੂੰ ਲੈ ਕੇ ਉਸ ਤੇ ਤਿੱਖਾ ਹਮਲਾ ਕੀਤਾ ਹੈ। ਅੱਜ ਇੱਥੇ ਐਮ.ਪੀ ਰਿਜ਼ੋਰਟ ਵਿਖੇ ਇੱਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਸਮ੍ਰਿਤੀ ਇਰਾਨੀ ਨੇ ਦੁਸ਼ਮਣ ਦੇਸ਼ ਪਾਕਿਸਤਾਨ ਨਾਲ ਪਿਆਰ ਕਰਨ ਲਈ ਕਾਂਗਰਸ ਅਤੇ ਇਸ ਦੇ ਪਾਰਟੀ ਆਗੂਆਂ ਦੀ ਸਖ਼ਤ ਨਿਖੇਧੀ ਕੀਤੀ। ਆਪਣੇ ਦਾਅਵਿਆਂ ਦੀ ਪੁਸ਼ਟੀ ਕਰਦੇ ਹੋਏ, ਇਰਾਨੀ ਨੇ ਕਿਹਾ, “ਇੱਕ ਕਾਂਗਰਸ ਨੇਤਾ ਦਾ ਕਹਿਣਾ ਹੈ ਕਿ ਪਾਕਿਸਤਾਨੀ ਅੱਤਵਾਦੀ ਸਾਡੇ ਬਹਾਦਰ ਪੁਲਿਸ ਕਰਮਚਾਰੀਆਂ ਦੀ ਹੱਤਿਆ ਲਈ ਜ਼ਿੰਮੇਵਾਰ ਨਹੀਂ ਸਨ। ਉਨ੍ਹਾਂ ਦੇ ਮੁੱਖ ਮੰਤਰੀ ਪੰਜ ਸਾਲ ਬਾਅਦ ਵੀ ਸਰਜੀਕਲ ਸਟ੍ਰਾਈਕ ਦੇ ਸਬੂਤ ਮੰਗਦੇ ਹਨ। ਇਕ ਹੋਰ ਸੀਨੀਅਰ ਨੇਤਾ ਦਾ ਕਹਿਣਾ ਹੈ ਕਿ ਭਾਰਤ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਪਾਕਿਸਤਾਨ ਕੋਲ ਪ੍ਰਮਾਣੂ ਬੰਬ ਹਨ। ਕੀ ਕੋਈ ਆਮ ਆਦਮੀ ਕਾਂਗਰਸੀ ਨੇਤਾਵਾਂ ਵੱਲੋਂ ਚੋਣ ਪ੍ਰਚਾਰ ਦੌਰਾਨ ਕੀਤੀਆਂ ਗਈਆਂ ਇਨ੍ਹਾਂ ਗੱਲਾਂ ਨੂੰ ਸਵੀਕਾਰ ਕਰ ਸਕਦਾ ਹੈ?
ਰਾਹੁਲ ਗਾਂਧੀ ਨੂੰ ਆੜੇ ਹੱਥੀਂ ਲੈਂਦਿਆਂ ਇਰਾਨੀ, ਨੇ ਕਿਹਾ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਉਸਨੇ ਉੱਤਰ ਪੂਰਬੀ ਦਿੱਲੀ ਤੋਂ ਟੁਕੜੇ ਟੁਕੜੇ ਗੈਂਗ ਦੇ ਸਰਗਨਾ ਕਨ੍ਹਈਆ ਕੁਮਾਰ ਨੂੰ ਟਿਕਟ ਦਿੱਤੀ ਹੈ। ਇਰਾਨੀ ਨੇ ਕਿਹਾ,1966 ਵਿੱਚ ਪੰਜਾਬ ਨੂੰ ਵੰਡਣ ਵਾਲੀ ਕਾਂਗਰਸ ਹੁਣ ਭਾਰਤ ਵਿਰੋਧੀ ਲੋਕਾਂ ਦਾ ਸਮਰਥਨ ਕਰ ਦੇਸ਼ ਨੂੰ ਵੰਡਣ ‘ਤੇ ਤੁਲੀ ਹੋਈ ਹੈ। ਉਹਨਾਂ ਕਿਹਾ ਕਿ ਕਾਂਗਰਸ 1947 ਦੀ ਵੰਡ ਨੂੰ ਦੁਹਰਾਉਣਾ ਚਾਹੁੰਦੀ ਹੈ ਜਿਸ ਕਰਕੇ ਸਾਡੀਆਂ ਮਾਂਵਾਂ, ਭੈਣਾਂ ਅਤੇ ਧੀਆਂ ਮੁੜ ਉਸੇ ਸਦਮੇ ਦਾ ਅਨੁਭਵ ਕਰਨ ਜੋਕਿ ਬਹੁਤ ਹੀ ਨਿੰਦਣਯੋਗ ਹੈ।
ਸ਼ਰਾਬ ਘੁਟਾਲੇ ‘ਤੇ ‘ਆਪ’ ਸਰਕਾਰ ‘ਤੇ ਹਮਲਾ ਬੋਲਦੇ ਹੋਏ ਇਰਾਨੀ ਨੇ ਕੇਜਰੀਵਾਲ ਅਤੇ ਉਹਨਾਂ ਦੀ ਪਾਰਟੀ ਦੇ ਲੀਡਰਾਂ ‘ਤੇ ਭ੍ਰਿਸ਼ਟਾਚਾਰ ‘ਚ ਡੁੱਬੇ ਹੋਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦਾ ਮਾਮਲਾ ਵੀ ਉਠਾਇਆ ਅਤੇ ਇਸ ਨੂੰ ‘ਆਪ’ ਸਰਕਾਰ ਖਾਸ ਕਰਕੇ ਦਿੱਲੀ ਦੇ ਮੁੱਖ ਮੰਤਰੀ ਦੇ ਚਿਹਰੇ ‘ਤੇ ਦਾਗ ਕਰਾਰ ਦਿੱਤਾ। ਆਪਣੇ ਭਾਸ਼ਣ ਵਿੱਚ, ਉਹਨਾਂ ਨੇ 80 ਕਰੋੜ ਭਾਰਤੀਆਂ ਨੂੰ ਦਿੱਤੇ ਜਾ ਰਹੇ ਮੁਫਤ ਰਾਸ਼ਨ ਰਾਹੀਂ ਗਰੀਬਾਂ ਦੀ ਮਦਦ ਕਰਨ ਤੋਂ ਇਲਾਵਾ ਕਿਸਾਨਾਂ ਦੀ ਬਿਹਤਰੀ ਅਤੇ ਸੜਕ-ਰੇਲਵੇ ਦੇ ਬੁਨਿਆਦੀ ਢਾਂਚੇ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੋਗਦਾਨ ਨੂੰ ਵੀ ਉਜਾਗਰ ਕੀਤਾ।
ਕੇਂਦਰੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੰਗਠਨ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਅਤੇ ਆਮ ਜਨਤਾ ਨੂੰ ਭਾਜਪਾ ਉਮੀਦਵਾਰ ਡਾ.ਸੁਭਾਸ਼ ਸ਼ਰਮਾ ਨੂੰ ਵੋਟ ਪਾਉਣ ਦੀ ਅਪੀਲ ਕਿੱਤੀ। ਉਨ੍ਹਾਂ ਕਿਹਾ ਕਿ ਮੈਂ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਆ ਕੇ ਬਹੁਤ ਖੁਸ਼ ਹਾਂ ਅਤੇ ਰੱਬ ਦਾ ਧੰਨਵਾਦ ਕਰਦੀ ਹਾਂ। ਉਨ੍ਹਾਂ ਰੈਲੀ ਦੀ ਸਫ਼ਲਤਾ ’ਤੇ ਗੜ੍ਹਸ਼ੰਕਰ ਭਾਜਪਾ ਆਗੂ ਨਿਮਿਸ਼ਾ ਮਹਿਤਾ ਦੀ ਸ਼ਲਾਘਾ ਕੀਤੀ।” ਰੈਲੀ ਦੌਰਾਨ ਮੌਜੂਦ ਲੋਕਾਂ ਨੇ ‘ਭਾਰਤ ਮਾਤਾ ਦੀ ਜੈ’, ‘ਜੈ ਸ਼੍ਰੀ ਰਾਮ’ ਅਤੇ ‘ਬੋਲੇ ਸੋ ਨਿਹਾਲ’ ਦੇ ਨਾਅਰੇ ਕਈ ਵਾਰ ਲਗਾਏ।
ਫੋਟੋ ਕੈਪਸ਼ਨ : ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਬੁੱਧਵਾਰ ਨੂੰ ਗੜ੍ਹਸ਼ੰਕਰ ਵਿੱਚ ਭਾਜਪਾ ਉਮੀਦਵਾਰ ਡਾ, ਸੁਭਾਸ਼ ਸ਼ਰਮਾ ਲਈ ਚੋਣ ਰੈਲੀ ਦੌਰਾਨ। ਭਾਜਪਾ ਆਗੂ ਨਿਮਿਸ਼ਾ ਮਹਿਤਾ ਵੀ ਨਜ਼ਰ ਆ ਰਹੀ ਹੈ।