ਕੁਰਾਲੀ ਮੰਡੀ ਵਿੱਚ ਡੀ ਸੀ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 7 ਅਕਤੂਬਰ:
ਕੁਰਾਲੀ ਅਨਾਜ ਮੰਡੀ ਵਿੱਚ ਸੋਮਵਾਰ ਸ਼ਾਮ ਨੂੰ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲਾਂ ਦੀ ਨਿਰਵਿਘਨ ਅਤੇ ਸੁਚਾਰੂ ਰੂਪ ਵਿੱਚ ਖਰੀਦ ਕਰਨ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ, ਕਮਿਸ਼ਨ ਏਜੰਟਾਂ ਅਤੇ ਮਜ਼ਦੂਰਾਂ ਨੂੰ ਅੱਗੇ ਤੋਂ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਏਜੰਸੀਆਂ ਵੱਲੋਂ ਫ਼ਸਲ ਦਾ ਇੱਕ-ਇੱਕ ਦਾਣਾ ਬਿਨਾਂ ਕਿਸੇ ਅੜਚਣ ਤੋਂ ਖਰੀਦਿਆ ਜਾਵੇਗਾ ਬਸ਼ਰਤੇ ਕਿਸਾਨ ਭਾਰਤ ਸਰਕਾਰ ਵੱਲੋਂ ਨਿਰਧਾਰਤ ਨਮੀ ਦੀਆਂ ਸ਼ਰਤਾਂ ਦਾ ਧਿਆਨ ਰੱਖਣ।
ਉਨ੍ਹਾਂ ਦੱਸਿਆ ਕਿ ਅੱਜ ਕੁਰਾਲੀ ਮੰਡੀ ਤੋਂ ਇਲਾਵਾ ਡੇਰਾਬੱਸੀ, ਲਾਲੜੂ, ਤਸਿੰਬਲੀ ਅਤੇ ਜੜੌਤ ਮੰਡੀਆਂ ਵਿੱਚ ਵੀ ਬਰਾਬਰ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਦਾਇਗੀ, ਲਿਫਟਿੰਗ ਅਤੇ ਟਰਾਂਸਪੋਰਟੇਸ਼ਨ ਸਮੇਤ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਖੇਤਰਾਂ ਵਿੱਚ ਖਰੀਦ ਏਜੰਸੀਆਂ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਖਰੀਦ ਦਾ ਕੰਮ ਨਿਰਵਿਘਨ ਜਾਰੀ ਰੱਖਿਆ ਜਾ ਸਕੇ।
ਉਨ੍ਹਾਂ ਨਾਲ ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਡੀ ਐਫ ਐਸ ਸੀ ਵਿਜੇ ਕੁਮਾਰ ਸਿੰਗਲਾ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀ ਅਤੇ ਕਿਸਾਨ ਵੀ ਹਾਜ਼ਰ ਸਨ।