www.sursaanjh.com > ਸਿੱਖਿਆ > ਸਿਹਤ ਵਿਭਾਗ ਵਲੋਂ ਪਿੰਡ ਜੁਝਾਰ ਨਗਰ ਵਿਖੇ ਡੇਂਗੂ ਜਾਗਰੂਕਤਾ ਰੈਲੀ

ਸਿਹਤ ਵਿਭਾਗ ਵਲੋਂ ਪਿੰਡ ਜੁਝਾਰ ਨਗਰ ਵਿਖੇ ਡੇਂਗੂ ਜਾਗਰੂਕਤਾ ਰੈਲੀ

ਸਿਹਤ ਵਿਭਾਗ ਵਲੋਂ ਪਿੰਡ ਜੁਝਾਰ ਨਗਰ ਵਿਖੇ ਡੇਂਗੂ ਜਾਗਰੂਕਤਾ ਰੈਲੀ
‘ਘਰਾਂ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ’
ਚੰਡੀਗੜ੍ਹ 25 ਅਕਤੂਬਰ  (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਡੇਂਗੂ ਜਿਹੀ ਜਾਨਲੇਵਾ ਬੀਮਾਰੀ ਦੀ ਰੋਕਥਾਮ ਲਈ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮਾਂ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਪਿੰਡ ਜੁਝਾਰਨਗਰ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੇ ਪਿੰਡ ਦੇ ਵੱਖ ਵੱਖ ਹਿੱਸਿਆਂ ਵਿਚ ਜਾ ਕੇ ਜਾਗਰੂਕਤਾ ਦਾ ਹੋਕਾ ਦਿਤਾ। ਰੈਲੀ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਅਧਿਕਾਰੀਆਂ ਨੇ ਆਖਿਆ ਕਿ ਇਸ ਰੈਲੀ ਦਾ ਮਕਸਦ ਲੋਕਾਂ ਨੂੰ ਇਸ ਬੀਮਾਰੀ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡੇਂਗੂ ਬੁਖ਼ਾਰ ਦੇ ਲੱਛਣ:  ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚਦਰਦ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲ਼ਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਨਾ ਖੜ੍ਹਾ ਹੋਣ ਦਿਤਾ ਜਾਵੇ।

Leave a Reply

Your email address will not be published. Required fields are marked *