ਚੰਡੀਗੜ੍ਹ 30 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ ਨਵ-ਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਈਮਾਨਦਾਰੀ ਨਾਲ ਨਾਲ ਕੰਮ ਕਰਨ। ਅੱਜ ਇਥੇ ਬਲਾਕ ਮਾਜਰੀ ਨਜ਼ਦੀਕ ਪੈਂਦੇ ਪਿੰਡ ਚੰਦਪੁਰ ਵਿਖੇ ਬਲਾਕ ਮਾਜਰੀ ਅਤੇ ਖਰੜ ਦੀਆਂ 110 ਪੰਚਾਇਤਾਂ ਲਈ ਕਰਵਾਏ ਗਏ ਸੇਵਾ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਸਾਨੂੰ ਵੱਡਾ ਫ਼ਤਵਾ ਦੇ ਕੇ ਸੇਵਾ ਸੌਂਪੀ ਗਈ ਹੈ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਵਿਕਾਸ ਲਈ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਸ਼ਾਸਨ ਨਾਲ ਪੂਰਾ ਤਾਲਮੇਲ ਰੱਖਣ ਅਤੇ ਜੇਕਰ ਉਨ੍ਹਾਂ ਨੂੰ ਕੋਈ ਸਮੱਸਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰਨ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਲਕੇ ਦੇ ਪਿੰਡਾਂ ਵਿਚ ਬਣਾਏ ਗਰਾਊਂਡਾਂ ਵਿਚ ਓਪਨ ਜਿੰਮ ਲਗਾਉਣ ਅਤੇ ਨਾਲ ਹੀ ਪਿੰਡਾਂ ਦੇ ਟੋਭੇ ਅਤੇ ਗਲੀਆਂ ਨਾਲੀਆਂ ਦੀ ਸਫਾਈ ਕਰਵਾਈ ਜਾਵੇ। ਅਨਮੋਲ ਗਗਨ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਚੰਡੀਗੜ੍ਹ ਦੇ ਨਾਲ ਲਗਦੇ ਹੋਣ ਕਾਰਨ ਵੱਡੇ ਪੱਧਰ ਤੇ ਇਸ ਇਲਾਕੇ ਦੀ ਸ਼ਾਮਲਾਤ ਜ਼ਮੀਨਾਂ ਤੇ ਕਬਜ਼ੇ ਕੀਤੇ ਗਏ ਹਨ, ਜਿਨ੍ਹਾਂ ਨੂੰ ਜਲਦ ਤੋਂ ਜਲਦ ਛੁਡਾ ਕੇ ਪਿੰਡ ਦੀ ਪੰਚਾਇਤਾਂ ਨੂੰ ਕਬਜ਼ੇ ਦੁਆਏ ਜਾਣ। ਇਸ ਮੌਕੇ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਸ਼ਾਮਲਾਤ ਜ਼ਮੀਨਾਂ ਉੱਤੇ ਕਬਜ਼ਾ ਕਰਦਾ ਹੈ ਅਤੇ ਸਾਡਾ ਨਾਮ ਵਰਤਦਾ ਹੈ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਗੈਰ-ਕਾਨੂੰਨੀ ਕੰਮ ਕਰਨ ਵਾਲਿਆਂ ਨਾਲ ਸਾਡਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਹ ਵੀ ਪਤਾ ਲੱਗਾ ਹੈ ਕਿ ਕੁਝ ਲੋਕ ਸਾਡੇ ਨਾਲ ਤੁਰ ਫਿਰ ਕੇ ਬਾਅਦ ਵਿੱਚ ਸਰਕਾਰੀ ਸੰਪਤੀ ਤੇ ਕਬਜ਼ੇ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਸਿਵਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਵਿਆਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੇ ਹਨ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਉਹ ਆਪਣੇ ਪਿੰਡਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਨ ਲਈ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ। ਇਸ ਮੌਕੇ ਵੱਖ ਵੱਖ ਪਿੰਡਾਂ ਦੀ ਪੰਚਾਇਤਾਂ ਵਲੋਂ ਆਪਣੇ ਆਪਣੇ ਪਿੰਡਾਂ ਦੀਆਂ ਸਮੱਸਿਆਂਵਾਂ ਤੋਂ ਹਲਕਾ ਵਿਧਾਇਕ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।
ਅਨਮੋਲ ਗਗਨ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਲਕੇ ਵਿੱਚ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਦੇ ਨਾਲ ਨਾਲ ਨਜਾਇਜ਼ ਮਾਈਨਿੰਗ ਨੂੰ ਪੂਰੀ ਤਰ੍ਹਾਂ ਬੰਦ ਕਰਵਾਉਣ। ਇਸ ਮੌਕੇ ਬਹੁਤ ਸਾਰੀਆਂ ਪੰਚਾਇਤਾਂ ਦੀਆਂ ਜ਼ਿਆਦਾਤਰ ਸ਼ਿਕਾਇਤਾਂ ਅਤੇ ਮੰਗਾਂ ਦਾ ਅਨਮੋਲ ਗਗਨ ਮਾਨ ਵਲੋਂ ਮੌਕੇ ਤੇ ਹੀ ਹੱਲ ਕੀਤਾ ਗਿਆ।ਇਸ ਤੋਂ ਇਲਾਵਾ ਲੋਕਾਂ ਦੀਆਂ ਸਮੱਸਿਆਂਵਾਂ ਸੁਣ ਕੇ ਉਨ੍ਹਾਂ ਨੂੰ ਵੀ ਮੌਕੇ ਤੇ ਹੱਲ ਕਰਵਾਇਆ ਗਿਆ।
ਸਮਾਗਮ ਦੌਰਾਨ ਵਿਸ਼ੇਸ ਤੌਰ ਤੇ ਸਰਕਾਰ ਤੁਹਾਡੇ ਦੁਆਰਾ ਅਧੀਨ ਸੇਵਾਵਾਂ ਵੀ ਮੁੱਹਈਆ ਕਰਵਾਈ ਗਈਆਂ ਜਿਸ ਦਾ ਹਲਕਾ ਵਾਸੀਆਂ ਵਲੋਂ ਲਾਭ ਉਠਾਇਆ ਗਿਆ। ਇਸ ਮੌਕੇ ਹਰੀਸ਼ ਰਾਣਾ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਅਮਨਦੀਪ ਸਿੰਘ, ਸ਼ੁਭਮ ਗਿਰੀ, ਸਰਪੰਚ ਜਸਪ੍ਰੀਤ ਸਿੰਘ, ਜੱਗੀ ਕਾਦੀਮਾਜਰਾ, ਸਤਵਿੰਦਰ ਸਿੰਘ, ਸੁਦਾਗਰ ਸਾਰੇ ਬਲਾਕ ਪ੍ਰਧਾਨ, ਹਰਦੀਪ ਅਰੋੜਾ, ਸੁਖਵਿੰਦਰ ਸਿੰਘ ਬਿੱਟੂ, ਵਿਕਾਸ ਮੋਹਨ, ਮਨਿੰਦਰ ਸਿੰਘ,ਹਰਪ੍ਰੀਤ ਕੌਰ ਤਿਊੜ ਅਤੇ ਜਗਦੀਪ ਰਾਣਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।