ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੂੰ ਜਗ੍ਹਾਂ ਦੀ ਭਾਲ ਲਈ ਨਿਰਦੇਸ਼ ਜਾਰੀ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ:


ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ/ਕਸਬਿਆਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਇਨ੍ਹਾਂ ਖੇਤਰਾਂ ਵਿੱਚ ਜਗ੍ਹਾ ਦੀ ਭਾਲ ਕੀਤੀ ਜਾ ਰਹੀ ਹੈ। ਸ ਮੁੰਡੀਆਂ ਅੱਜ ਪੰਜਾਬ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਨਕਦੋਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਨਕੋਦਰ ਅਤੇ ਨੂਰਮਹਿਲ ਵਿਖੇ ਅਰਬਨ ਅਸਟੇਟ ਸਥਾਪਤ ਕਰਨ ਦੇ ਸਵਾਲ ਉੱਪਰ ਜਵਾਬ ਦੇ ਰਹੇ ਸਨ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਸਮੂਹ ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਅਰਬਨ ਅਸਟੇਟ ਸਥਾਪਤ ਕਰਨ ਦੇ ਉਦੇਸ਼ ਲਈ ਢੁੱਕਵੀਂ ਜਗ੍ਹਾਂ ਦੀ ਚੋਣ ਕਰਨ ਉਪਰੰਤ ਤਜਵੀਜ਼ਾਂ ਸਰਕਾਰ ਨੂੰ ਭੇਜਣ ਹਿੱਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਅਨੁਸਾਰ ਸਬੰਧਤ ਅਥਾਰਟੀਆਂ ਵੱਲੋਂ ਢੁੱਕਵੀਂ ਜਗ੍ਹਾ ਦੀ ਭਾਲ ਕੀਤੀ ਜਾ ਰਹੀ ਹੈ।

