ਬਠਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਈ:


ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾਉਂਦੇ ਸਨ, ਅੱਜ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੇ ਆਗੂ ਲੋਕਾਂ ਨੂੰ ਮਿਲਣ ਤੋਂ ਡਰਦੇ ਸਨ, ਜਦੋਂ ਕਿ ਅੱਜ ਸੂਬਾ ਸਰਕਾਰ ਲੋਕਾਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਉਨ੍ਹਾਂ ਤੋਂ ਫੀਡਬੈਕ ਲੈ ਰਹੀ ਹੈ। ਭਗਵੰਤ ਸਿੰਘ ਮਾਨ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਮੀਨ ਦੀ ਰਜਿਸਟਰੀ ਸੁਖਾਲੀ ਬਣਾਉਣ ਲਈ ‘ਈਜ਼ੀ ਰਜਿਸਟ੍ਰੇਸ਼ਨ’ ਨਾਂ ਦਾ ਅਹਿਮ ਪ੍ਰਾਜੈਕਟ ਸ਼ੁਰੂ ਕੀਤਾ ਹੈ, ਜੋ ਮੋਹਾਲੀ ਤੋਂ ਸ਼ੁਰੂ ਕੀਤਾ ਗਿਆ ਹੈ ਅਤੇ ਪਹਿਲੀ ਅਗਸਤ ਤੋਂ ਇਸ ਨੂੰ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ ਅਤੇ ਨਾਲ ਹੀ ਕਿਹਾ ਕਿ ਲੋਕਾਂ ਨੂੰ ਹੁਣ ਜ਼ਿਲ੍ਹੇ ਦੇ ਅੰਦਰ ਕਿਸੇ ਵੀ ਸਬ ਰਜਿਸਟਰਾਰ ਦਫ਼ਤਰ ਵਿੱਚ ਜਾ ਕੇ ਆਪਣੀ ਜਾਇਦਾਦ ਦੀ ਰਜਿਸਟਰੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਕਰਵਾਉਣ ਦੀ ਖੁੱਲ੍ਹ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਪ੍ਰਤੀ ਸਰਕਾਰ ਦੀ ਜ਼ੀਰੋ-ਟਾਲਰੈਂਸ ਨੀਤੀ ਦੇ ਹਿੱਸੇ ਵਜੋਂ ਇਹ ਪਹਿਲ ਤਹਿਸੀਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਵਿੱਚ ਮੁੱਖ ਭੂਮਿਕਾ ਨਿਭਾਏਗੀ।
ਮੁੱਖ ਮੰਤਰੀ ਨੇ ਇਸ ਗੱਲ `ਤੇ ਚਾਨਣਾ ਪਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਹਿਰੀ ਪਾਣੀ ਦੀ ਅਹਿਮੀਅਤ ਨੂੰ ਕਿਵੇਂ ਅਣਗੌਲਿਆ ਕੀਤਾ ਸੀ। ਉਨ੍ਹਾਂ ਕਿਹਾ ਕਿ ਟਿਊਬਵੈੱਲਾਂ `ਤੇ ਜ਼ਿਆਦਾ ਨਿਰਭਰਤਾ ਦੇ ਨਤੀਜੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਚਿੰਤਾਜਨਕ ਹੱਦ ਤੱਕ ਘੱਟ ਗਿਆ ਹੈ, ਜੋ ਸੂਬੇ ਲਈ ਬਹੁਤ ਘਾਤਕ ਸਾਬਤ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਕੱਸੀਆਂ ਨੂੰ ਸੁਰਜੀਤ ਕਰਨ ਲਈ ਸੂਬੇ ਭਰ ਵਿੱਚ 700 ਕਿਲੋਮੀਟਰ ਪਾਈਪਲਾਈਨ ਪਹਿਲਾਂ ਹੀ ਵਿਛਾਈ ਜਾ ਚੁੱਕੀ ਹੈ ਤਾਂ ਜੋ ਸੁੱਕੇ ਇਲਾਕਿਆਂ ਅਤੇ ਟੇਲਾਂ ਉੱਤੇ ਪੈਂਦੇ ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਸਕੇ।

