ਚੰਡੀਗੜ੍ਹ 13 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਕਾਂਗਰਸ ਕਮੇਟੀ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸੈਣੀ ਮਾਜਰਾ (ਨੇੜੇ ਸਲੇਮਪੁਰ ਖੁਰਦ) ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਮੀਟਿੰਗ ਰਾਹੀਂ ਪਿੰਡ ਦੀਆਂ ਮੁੱਖ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਵਾਸੀਆਂ ਨੂੰ ਯਕੀਨ ਦਵਾਇਆ ਕਿ ਉਨ੍ਹਾਂ ਦੀ ਆਵਾਜ਼ ਨੂੰ ਉੱਚ ਪੱਧਰ ‘ਤੇ ਉਠਾਇਆ ਜਾਵੇਗਾ। ਸਭ ਤੋਂ ਗੰਭੀਰ ਮੁੱਦਾ, ਜਿਸ ਵੱਲ ਪਿੰਡ ਵਾਸੀਆਂ ਨੇ ਧਿਆਨ ਦਿਵਾਇਆ, ਉਹ ਸੀ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅਧਿਆਪਕਾਂ ਦਾ ਨਾ ਹੋਣਾ।
ਪਿੰਡ ਵਾਸੀਆਂ ਨੇ ਪ੍ਰਧਾਨ ਜੀਤੀ ਪਡਿਆਲਾ ਦੇ ਧਿਆਨ ਵਿੱਚ ਲਿਆਂਦਾ ਕਿ ਪਿੰਡ ਵਿੱਚ ਪ੍ਰਾਇਮਰੀ ਸਕੂਲ ਦੀ ਇਮਾਰਤ ਮੌਜੂਦ ਹੈ, ਪਰ ਕਿਸੇ ਵੀ ਅਧਿਆਪਕ ਦੀ ਨਿਯੁਕਤੀ ਨਾ ਹੋਣ ਕਾਰਨ ਬੱਚਿਆਂ ਨੂੰ ਪੜ੍ਹਾਈ ਲਈ ਪਿੰਡ ਲੁਬਾਣਗੜ੍ਹ ਜਾਂ ਹੋਰ ਪਿੰਡਾਂ ਦਾ ਰੁਖ ਕਰਨਾ ਪੈਂਦਾ ਹੈ। ਇਹ ਗੱਲ ਛੋਟੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਬਹੁਤ ਵੱਡੀ ਚੁਣੌਤੀ ਬਣੀ ਹੋਈ ਹੈ। ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਇੱਕ ਪਾਸੇ ਸਰਕਾਰ ‘ਸਿੱਖਿਆ ਕ੍ਰਾਂਤੀ ਦੀ ਗੱਲ ਕਰਦੀ ਹੈ, ਪਰ ਦੂਜੇ ਪਾਸੇ ਪਿੰਡਾਂ ਦੇ ਸਕੂਲਾਂ ਵਿੱਚ ਅਧਿਆਪਕ ਹੀ ਨਹੀਂ ਹਨ ਜੋ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਦੀ ਪੋਲ ਖੋਲ੍ਹਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਪਿੰਡ ਸੈਣੀ ਮਾਜਰਾ ਦੇ ਸਕੂਲ ਵਿੱਚ ਅਧਿਆਪਕਾਂ ਦੀ ਨਿਯੁਕਤੀ ਨਹੀਂ ਕੀਤੀ ਜਾਂਦੀ, ਤਾਂ ਕਾਂਗਰਸ ਪਾਰਟੀ ਵੱਲੋਂ ਪਿੰਡ ਵਾਸੀਆਂ ਦੀ ਅਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

