www.sursaanjh.com > ਚੰਡੀਗੜ੍ਹ/ਹਰਿਆਣਾ > ਡੇਂਗੂ ਵਿਰੋਧੀ ਮੁਹਿੰਮ :  ਢਾਬਿਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ

ਡੇਂਗੂ ਵਿਰੋਧੀ ਮੁਹਿੰਮ :  ਢਾਬਿਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ

ਚੰਡੀਗੜ੍ਹ  13 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮ ਨੇ ਬੂਥਗੜ੍ਹ ਵਿਖੇ ਢਾਬਿਆਂ ਅਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ’ਤੇ ਅੱਜ ਵੱਖ-ਵੱਖ ਦੁਕਾਨਾਂ ਵਿਚ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਲਈ ਆਖਿਆ ਗਿਆ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਰੱਖਣ ਅਤੇ ਮਿਆਰੀ ਤੇ ਮਿਲਾਵਟ-ਰਹਿਤ ਖਾਧ ਪਦਾਰਥ ਬਣਾਉਣ ਤੇ ਵੇਚਣ ਦੀ ਹਦਾਇਤ ਕੀਤੀ ਗਈ। ਇਸੇ ਦੌਰਾਨ ਪੀ.ਐਚ.ਸੀ. ਅਧੀਨ ਵੱਖ-ਵੱਖ ਥਾਈਂ ਸਿਹਤ ਟੀਮਾਂ ਨੇ ਦੁਕਾਨਾਂ ਅਤੇ ਢਾਬਿਆਂ ਵਿਚ ਜਾ ਕੇ ਚੈਕਿੰਗ ਕੀਤੀ।
ਡਾ. ਅਲਕਜੋਤ ਕੌਰ ਮੁਤਾਬਕ ਦੁਕਾਨਦਾਰਾਂ ਨੂੰ ਦੱਸਿਆ ਗਿਆ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ, ਜਿੱਥੇ ਡੇਂਗੂ ਦਾ ਟੈੱਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਅਰੁਣ ਬਾਂਸਲ, ਸਿਹਤ ਸੁਪਰਵਾਇਜ਼ਰ ਸਵਰਨ ਸਿੰਘ, ਸੁਖਦੇਵ ਸਿੰਘ, ਜਸਵੀਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *