Breaking
www.sursaanjh.com > ਚੰਡੀਗੜ੍ਹ/ਹਰਿਆਣਾ > ਰੋਹ ਵਿੱਚ ਆਏ ਸਰਕਾਰੀ ਮੁਲਾਜ਼ਮਾਂ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਕੀਤੀ ਗਈ ਇਤਿਹਾਸਕ ਰੈਲੀ

ਰੋਹ ਵਿੱਚ ਆਏ ਸਰਕਾਰੀ ਮੁਲਾਜ਼ਮਾਂ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਕੀਤੀ ਗਈ ਇਤਿਹਾਸਕ ਰੈਲੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪ੍ਰੈਲ:

ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁਲਾਜ਼ਮਾਂ ਵੱਲੋਂ ਆਪ ਸਰਕਾਰ ਵਿਰੁੱਧ ਇਤਿਹਾਸਕ ਰੈਲੀ ਕੀਤੀ ਗਈ। ਸਕੱਤਰੇਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਇਸ ਰੈਲੀ ਵਿੱਚ ਡਾਇਰੈਕਟੋਰੇਜ਼ ਅਤੇ ਖੇਤਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਭਾਰੀ ਗਿਣਤੀ ਵਿੱਚ ਹਿੱਸਾ ਲਿਆ। ਇਸ ਰੈਲੀ ਦੀ ਖਾਸ ਗੱਲ ਇਹ ਰਹੀ ਕਿ ਪੰਜਾਬ ਸਿਵਲ ਸਕੱਤਰੇਤ-2 ਦੇ ਮੁਲਾਜ਼ਮਾਂ ਵੱਲੋਂ ਵੀ ਆਪਣੀ ਦਫ਼ਤਰੀ ਇਮਾਰਤ ਨੂੰ ਪੂਰੀ ਤਰ੍ਹਾਂ ਖਾਲੀ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁੱਖ ਸਕੱਤਰੇਤ ਵਿਖੇ ਰੈਲੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਮੁਲਾਜ਼ਮਾਂ ਦਾ ਰੋਹ ਸਿਰ ਚੜ੍ਹ ਕੇ ਬੋਲ ਰਿਹਾ ਸੀ। ਜੁਆਇੰਟ ਐਕਸ਼ਨ ਕਮੇਟੀ ਨੇ ਮਾਣਯੋਗ ਹਾਈਕੋਰਟ ਵੱਲੋਂ ਡੀ.ਏ. ਦੇਣ ਦਾ ਫੈਸਲਾ ਤੱਥਾਂ ਤੇ ਨਿਯਮਾਂ ਦੇ ਆਧਾਰ ’ਤੇ ਮੁਲਾਜ਼ਮਾਂ ਦੇ ਹੱਕ ਵਿੱਚ ਕਰਨ ਸਬੰਧੀ ਧੰਨਵਾਦ ਕੀਤਾ ਗਿਆ ਅਤੇ ਕੇਸ ਲੜ ਰਹੇ ਵਕੀਲਾਂ ਤੇ ਪਟੀਸ਼ਨਰਾਂ ਦਾ ਵੀ ਸਨਮਾਨ ਕੀਤਾ ਗਿਆ। ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ’ਯੁੱਧ ਸਰਕਾਰ ਵਿਰੁੱਧ’ ਦਾ ਨਾਅਰਾ ਦਿੰਦਿਆਂ ਆਪਣੀ ਤਕਰੀਰ ਵਿੱਚ ਕਿਹਾ ਕਿ ਆਪ ਸਰਕਾਰ ਇੱਕ ਸੋਚੀ ਸਮਝੀ ਨੀਤੀ ਤਹਿਤ ਮੁਲਾਜ਼ਮਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਆਪਣਾ ਵੋਟ ਬੈਂਕ ਸਥਾਪਿਤ ਕਰਦੇ ਹੋਏ ਆਪ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ।

ਇਸ ਰੈਲੀ ਵਿੱਚ ਐਡਵੋਕੇਟਸ ਬਲਦੇਵ ਸਿੰਘ ਮਾਨ, ਸਨੀ ਸਿੰਗਲਾ, ਇਸ ਕੇਸ ਦੇ ਮੁੱਖ ਪਟੀਸ਼ਨਰ ਗੁਰਵਿੰਦਰ ਸਿੰਘ, ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਫੌਜੀ, ਜਨਰਲ ਸਾਹਿਲ ਸ਼ਰਮਾ ਹੋਰਾਂਨੇ ਵੀ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਮੁਲਾਜ਼ਮਾਂ ਦੀਆਂ ਅਲੱਗ-ਅਲੱਗ ਮੰਗਾਂ ਸਬੰਧੀ ਮਾਣਯੋਗ ਹਾਈਕੋਰਟ ਵਿੱਚ ਕੁੱਲ ਪੰਜ ਕੇਸ ਦਾਇਰ ਕੀਤੇ ਗਏ ਹਨ, ਜਿਨ੍ਹਾਂ ਸਬੰਧੀ ਮੁਕੰਮਲ ਜਾਣਕਾਰੀ ਮੁਲਾਜ਼ਮਾਂ ਨਾਲ਼ ਸਾਂਝਾ ਕਰਦਿਆਂ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਤੇ ਹੋਰ ਮੁੱਦਿਆਂ ਨੂੰ ਲਾਗੂ ਕਰਨ ਦੇ ਵਾਅਦੇ ਨਾਲ ਸੱਤਾ ਉੱਤੇ ਕਾਬਜ਼ ਹੋਈ ਸੀ ਅਤੇ ਹੁਣ ਇਨ੍ਹਾਂ ਮੁੱਦਿਆਂ ਤੋਂ ਭੱਜ ਚੁੱਕੀ ਹੈ। ਉਨ੍ਹਾਂ ਮੌਜੂਦਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਮੁਲਾਜ਼ਮਾਂ ਦੇ ਸਾਰੇ ਮੁੱਦੇ ਪਹਿਲ ਦੇ ਆਧਾਰ ’ਤੇ ਹੱਲ ਕਰੇ ਨਹੀਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਗੰਭੀਰ ਨਤੀਜਿਆਂ ਲਈ ਤਿਆਰ ਰਹੇ। ਇਸ ਰੈਲੀ ਵਿੱਚ ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਦੇ ਅਹੁਦੇਦਾਰ ਮਨਜੀਤ ਸਿੰਘ ਰੰਧਾਵਾ, ਪਰਮਦੀਪ ਸਿੰਘ ਭਬਾਤ, ਮਲਕੀਅਤ ਸਿੰਘ ਔਜਲਾ, ਮਿਥੁਨ ਚਾਵਲਾ, ਬਲਰਾਜ ਸਿੰਧ ਦਾਉਂ, ਅਲਕਾ ਚੌਪੜਾ, ਕੁਲਵੰਤ ਸਿੰਘ, ਸਿਕੰਦਰ ਸਿੰਘ, ਜਸਵੀਰ ਕੌਰ, ਬਜਰੰਗ ਯਾਦਵ, ਸੱਤਿਆਵਾਨ ਸਰੋਹਾ ਪ੍ਰਧਾਨ ਹਰਿਆਣਾ ਸਿਵਲ ਸਕੱਤਰੇਤ ਸਮੇਤ ਚੰਡੀਗੜ੍ਹ ਅਤੇ ਮੁਹਾਲੀ ਦੇ ਡਾਇਰੈਕਟੋਰੇਟ ਦਫ਼ਤਰਾਂ ਵਿੱਚੋਂ ਅਮਿਤ ਕਟੌਚ, ਦਵਿੰਦਰ ਸਿੰਘ ਬੈਨੀਪਾਲ, ਹਰਨੇਕ ਸਿੰਘ, ਹਰਚਰਨਜੀਤ ਸਿੰਘ, ਮਨਪ੍ਰੀਤ ਸਿੰਘ, ਪ੍ਰੋ.ਦਿਨੇਸ਼ ਨਿੰਬੜੀਆ, ਮਨਪ੍ਰੀਤ ਕੌਰ, ਬਲਵਿੰਦਰ ਸਿੰਘ, ਹਰਪ੍ਰੀਤ ਕੌਰ, ਕਰਨਵੀਰ ਸਿੰਘ ਗਿੱਲ, ਰਜਿੰਦਰ ਕੁਮਾਰ, ਜਸਵਿੰਦਰ ਸਿੰਘ, ਮੁਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਰਣਜੋਤ ਸਿੰਘ ਆਦਿ ਅਹੁਦੇਦਾਰਾਂ ਨੇ ਵੀ ਆਪਣੇ ਵਡਮੁੱਲੇ ਵਿਚਾਰ ਦਿੰਦੇ ਹੋਏ ਹਾਜ਼ਰੀ ਲਗਵਾਈ।

Leave a Reply

Your email address will not be published. Required fields are marked *