ਮੁੱਲਾਂਪੁਰ ਗਰੀਬਦਾਸ ਵਿਖੇ ਸਰਕਾਰੀ ਹਾਈ ਸਕੂਲ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ
ਸ. ਤਲਵਿੰਦਰ ਸਿੰਘ ਕਾਹਲੋਂ ਮੁੱਖ ਮਹਿਮਾਨ ਵਜੋਂ ਪੁੱਜੇ
ਚੰਡੀਗੜ੍ਹ 6 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਅੱਜ ਸਰਕਾਰੀ ਕੰਨਿਆ ਹਾਈ ਸਕੂਲ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਵਿਖੇ ਅਧਿਆਪਕ ਦਿਵਸ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਦੇ ਨਾਲ ਮਨਾਇਆ ਗਿਆ, ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿੱਚ ਨਿਊ ਚੰਡੀਗੜ੍ਹ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸ ਤਲਵਿੰਦਰ ਸਿੰਘ ਕਾਹਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਇਸ ਸੁਸਾਇਟੀ ਦੇ ਜਨਰਲ ਸਕੱਤਰ ਸ ਕੁਲਵੰਤ ਸਿੰਘ ਖੋਖਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਮੁੱਖ ਮਹਿਮਾਨ ਅਤੇ ਸਕੂਲ ਅਧਿਆਪਕਾ ਵੱਲੋਂ ਸਾਂਝੇ ਤੌਰ ਤੇ ਸ਼ਮ੍ਹਾ ਰੌਸ਼ਨ ਕਰ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦੀ ਸ਼ੁਰੂਆਤ ਧਾਰਮਿਕ ਸ਼ਬਦ ਗਾ ਕੇ ਕੀਤੀ ਗਈ। ਉਪਰੰਤ ਬੱਚਿਆਂ ਵੱਲੋਂ ਸੱਭਿਆਚਾਰ ਦੀਆਂ ਵੱਖ ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਵੱਲੋਂ ਸਾਂਝੇ ਤੌਰ ਤੇ ਮੰਚ ਸੰਚਾਲਨ ਕੀਤਾ ਗਿਆ।
ਇਸ ਮੌਕੇ ਇਸ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਅੰਸ਼ਿਕਾ ਗਿਰੀ ਨੂੰ ਬਲਾਕ ਪੱਧਰ ਤੇ ਦੂਜੇ ਨੰਬਰ ਤੇ ਨਿਊ ਚੰਡੀਗੜ੍ਹ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨ ਚਿੰਨ੍ਹ ਅਤੇ 11000/- ਰੁਪਏ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਗੋਲਡ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਮੈਡਮ ਰੂਬੀ ਬੰਗੜ ਨੂੰ ਉਨ੍ਹਾਂ ਦੀਆਂ ਵਧੀਆਂ ਸੇਵਾਵਾਂ ਨਿਭਾਉਣ ਲਈ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਮੌਕੇ ਹਿੰਦੀ ਅਧਿਆਪਕਾ ਮੈਡਮ ਰਾਜੇਸ਼ਵਰੀ ਅਤੇ ਖੇਡਾਂ ਦੇ ਅਧਿਆਪਕਾ ਮੈਡਮ ਅਮਨਦੀਪ ਕੌਰ ਨੂੰ ਬੈਸਟ ਟੀਚਰ ਅਵਾਰਡ ਨਾਲ਼ ਸਨਮਾਨਿਤ ਕੀਤਾ ਗਿਆ।