ਸਮੁੱਚੇ ਪੰਜਾਬ ਵਿਚ ਕੱਲ੍ਹ ਪੈਣਗੀਆਂ ਪੰਚਾਇਤੀ ਵੋਟਾਂ, ਪਟੀਸ਼ਨਾਂ ਹੋਈਆਂ ਖਾਰਜ


ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 14 ਅਕਤੂਬਰ:
ਪੰਜਾਬ ਵਿੱਚ ਭਲਕੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 14 ਤੱਕ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਅਜਿਹੇ ‘ਚ ਸਪੱਸ਼ਟ ਹੈ ਕਿ ਕੱਲ੍ਹ ਸਵੇਰੇ 8 ਵਜੇ ਤੋਂ ਉਥੇ ਵੋਟਿੰਗ ਹੋਵੇਗੀ।
ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ। ਇਸ ਤੋਂ ਪਹਿਲਾਂ ਚੋਣਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਕਾਲੇ ਬੱਦਲ ਮੰਡਰਾ ਰਹੇ ਸਨ, ਪਰ ਹੁਣ ਇਹ ਸਪੱਸ਼ਟ ਹੈ ਕਿ ਚੋਣਾਂ ਹੋਣਗੀਆਂ।

