ਚੰਡੀਗੜ੍ਹ 13 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀ ਟੀਮ ਵਲੋਂ ਪਿੰਡ ਜੁਝਾਰਨਗਰ ਵਿਚ ਘਰ-ਘਰ ਜਾ ਕੇ ਡੇਂਗੂ-ਵਿਰੋਧੀ ਮੁਹਿੰਮ ਚਲਾਈ ਗਈ ਅਤੇ ਮੱਛਰ ਦਾ ਲਾਰਵਾ ਚੈੱਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਜੁਝਾਰਨਗਰ ਵਿਚ ਡੇਂਗੂ ਸਰਵੇ ਕੀਤਾ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਜਿਥੇ ਜਾਂਚ ਦਾ ਕੰਮ ਕਰ ਰਹੀਆਂ ਹਨ, ਉਥੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਸਾਵਧਾਨੀਆਂ, ਬੁਖ਼ਾਰ ਦੇ ਲੱਛਣਾਂ, ਕਾਰਨਾਂ ਅਤੇ ਇਲਾਜ ਬਾਰੇ ਵੀ ਜਾਣਕਾਰੀ ਦੇ ਰਹੀਆਂ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ । ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲ਼ਦੇ ਹਨ, ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜ਼ਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਨਾ ਖੜ੍ਹਾ ਹੋਣ ਦਿਤਾ ਜਾਵੇ। ਇਸ ਮੌਕੇ ਹੈਲਥ ਸੁਪਰਵਾਇਜ਼ਰ ਗੁਰਤੇਜ ਸਿੰਘ, ਸੀ.ਐਚ.ਓ. ਸੁਨੈਨਾ ਸ਼ਰਮਾ, ਸਿਹਤ ਵਰਕਰ ਰਘਬੀਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।