ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਅਨਿੱਖੜਵਾਂ ਅੰਗ ਬਣਾਉਣ ਦੀ ਵਚਨਬੱਧਤਾ ਦੁਹਰਾਈ
ਨਵ-ਨਿਯੁਕਤ ਅਧਿਆਪਕਾਂ ਨੂੰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰਨ ਲਈ ਪ੍ਰੇਰਿਆ
ਕਿਹਾ, ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿਆਪਕ ਜੰਗ ਸ਼ੁਰੂ ਹੋ ਚੁੱਕੀ ਹੈ
ਗੈਰ-ਜਮਹੂਰੀ ਹੱਦਬੰਦੀ ਦੀ ਮੁਖਾਲਫ਼ਤ ਲਈ ‘ਆਪ’ ਹਮਖਿਆਲੀ ਪਾਰਟੀਆਂ ਨਾਲ ਮਿਲਾਏਗੀ ਹੱਥ
ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ। ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਵ-ਨਿਯੁਕਤਾਂ ਨੂੰ ਇਹ ਨੌਕਰੀਆਂ ਹਾਸਲ ਕਰਨ ਲਈ ਵਧਾਈ ਦਿੱਤੀ ਜਿਸ ਨਾਲ ਉਹ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਸਰਗਰਮ ਭਾਈਵਾਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਯੋਗ ਨੌਜਵਾਨਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਤੋਰਨ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।


ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕਰਕੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਆਧੁਨਿਕ ਅਧਿਆਪਨ ਅਭਿਆਸਾਂ ਨਾਲ ਲੈਸ ਇਹ ਨਵ-ਨਿਯੁਕਤ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਜਿਸ ਨਾਲ ਵਿਦਿਆਰਥੀ ਆਪਣੇ ਜੀਵਨ ਵਿੱਚ ਨਵੀਆਂ ਬੁਲੰਦੀਆਂ ਹਾਸਲ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਇਹ ਅਧਿਆਪਕ ਅਸਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਿੱਖਿਆ ਖੇਤਰ ਵਿੱਚ ਬਦਲਾਅ ਲਿਆਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਅਧਿਆਪਕ ਦੇ ਪੁੱਤਰ ਹਨ ਅਤੇ ਇਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹੁੰਦੇ ਹਨ ਜੋ ਵਿਦਿਆਰਥੀਆਂ ਨੂੰ ਅਫ਼ਸਰ, ਇੰਜੀਨੀਅਰ, ਡਾਕਟਰ ਅਤੇ ਹੋਰ ਆਗੂ ਬਣਨ ਲਈ ਤਿਆਰ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਨਿਪੁੰਨ ਹਨ ਕਿਉਂਕਿ ਉਹ ਯੋਗ ਅਤੇ ਸਮਰੱਥ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਕੁਝ ਗੈਰ-ਅਧਿਆਪਨ ਕੰਮਾਂ ਵਿੱਚ ਵੀ ਲਾਇਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਸਿਰਫ਼ ਅਧਿਆਪਨ ਦੇ ਉਦੇਸ਼ਾਂ ਲਈ ਹੀ ਵਰਤਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਕੂਲ ਖਾਲੀ ਸਨ ਪਰ ਸਕੂਲਾਂ ਦੇ ਸਾਹਮਣੇ ਪਾਣੀ ਦੀਆਂ ਟੈਂਕੀਆਂ ਉਤੇ ਅਧਿਆਪਕ ਰਹਿੰਦੇ ਸਨ ਕਿਉਂਕਿ ਅਧਿਆਪਕ ਅੰਦੋਲਨ ਕਾਰਨ ਇਨ੍ਹਾਂ ਟੈਂਕੀਆਂ ‘ਤੇ ਚੜ੍ਹ ਜਾਂਦੇ ਸਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਰੁਝਾਨ ਨੂੰ ਬਦਲ ਦਿੱਤਾ ਗਿਆ ਹੈ ਜਿਸ ਸਦਕਾ ਹੁਣ ਉਹ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ ਅਤੇ ਸੂਬੇ ਦੀ ਤਰੱਕੀ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਿਆਸੀ ਆਗੂਆਂ ਨੇ ਇਸ ਅਹਿਮ ਖੇਤਰ ਨੂੰ ਅਣਗੌਲਿਆ ਕਰ ਦਿੱਤਾ ਸੀ, ਜਿਸ ਕਾਰਨ ਪੰਜਾਬ ਤਰੱਕੀ ਦੀ ਰਾਹ ਤੋਂ ਪਛੜ ਗਿਆ। ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਰੁਚੀਆਂ ਮੁਤਾਬਕ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਉਹ ਆਪਣੇ ਲਈ ਢੁੱਕਵਾਂ ਕੈਰੀਅਰ ਚੁਣ ਸਕਣ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਡਿਊਟੀ ਨੂੰ ਸੁਚੱਜੇ ਢੰਗ ਨਾਲ ਨਿਭਾਉਣਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਾ ਚਾਹੀਦਾ ਹੈ ਤਾਂ ਜੋ ਉਹ ਵੀ ਜੀਵਨ ਵਿੱਚ ਉੱਚੇ ਮੁਕਾਮ ਹਾਸਲ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾਉਣੀ ਚਾਹੀਦੀ ਹੈ ਤਾਂ ਜੋ ਲੋਕ ਉਨ੍ਹਾਂ ਦੇ ਚੰਗੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਸ਼ਿਕਾਰ ਹੋਏ ਲੋਕਾਂ ਦੇ ਮੁੜ ਵਸੇਬੇ ਵੱਲ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਕੇ ਢਹਿ-ਢੇਰੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਨੇਕ ਕਾਰਜ ਜਨਤਕ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੀ ਹਾਜ਼ਰ ਸਨ।

