ਮਾਲੇਰਕੋਟਲਾ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਘੜੀ ਵਿੱਚ ਭਾਈਚਾਰੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।


ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਚਾਰਜ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਜਾਈ ਲੋੜਾਂ ਲਈ ਨਹਿਰੀ ਪਾਣੀ ਯਕੀਨੀ ਬਣਾ ਰਿਹਾ ਹੈ। ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਥਾਨਕ ਈਦਗਾਹ ਵਿਖੇ ਅਦਾ ਕੀਤੀ ਜਾ ਰਹੀ ਨਮਾਜ਼ ਉੱਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਲੋਕ ‘ਯੁੱਧ ਨਸ਼ਿਆਂ ਵਿਰੁੱਧ’ ਦਾ ਵੱਡੇ ਪੱਧਰ ‘ਤੇ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਜਿੱਤਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਗਰਮ ਜਨਤਕ ਭਾਗੀਦਾਰੀ ਦੀ ਬਹੁਤ ਲੋੜ ਹੈ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪਵਿੱਤਰ ਦਿਹਾੜਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਬੰਧਨਾਂ ਨੂੰ ਮਜ਼ਬੂਤ ਕਰੇਗਾ, ਜੋ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੁਆਰਾ ਪ੍ਰਚਾਰੀਆਂ ਗਈਆਂ ਮਹਾਨ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਪਿਆਰ, ਦੋਸਤੀ ਅਤੇ ਸਦਭਾਵਨਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਇਸ ਖੁਸ਼ੀ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ। ਇਸ ਦੌਰਾਨ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਨੂੰ ਵਿਕਸਤ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਅਤੇ ਇਸ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਫਾਂਸੀ ਵਿਰੁੱਧ ਆਵਾਜ਼ ਬੁਲੰਦ ਕਰ ਕੇ ਮਾਲੇਰਕੋਟਲਾ ਦੇ ਨਵਾਬ ਵੱਲੋਂ ਮਾਰੇ ‘ਹਾਅ ਦੇ ਨਾਅਰੇ’ ਦਾ ਕਰਜ਼ਾ ਪੰਜਾਬੀ ਅਤੇ ਖਾਸ ਕਰਕੇ ਸਿੱਖ ਕਦੇ ਵੀ ਨਹੀਂ ਚੁਕਾ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜਿਸ ਲਈ ਪਹਿਲਾਂ ਹੀ ਰੋਡਮੈਪ ਤਿਆਰ ਕੀਤਾ ਜਾ ਚੁੱਕਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੇਰਕੋਟਲਾ ਵਿੱਚ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਤਹਿਸੀਲ ਕੰਪਲੈਕਸ ਦੇ ਨਾਲ-ਨਾਲ ਅਮਰਗੜ੍ਹ ਵਿੱਚ ਇੱਕ ਹੋਰ ਤਹਿਸੀਲ ਕੰਪਲੈਕਸ ਦੀ ਉਸਾਰੀ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਨਵਾਂ ਬੱਸ ਸਟੈਂਡ, ਲਿੰਕ ਸੜਕਾਂ, ਸਫ਼ਾਈ ਸਹੂਲਤਾਂ ਅਤੇ ਖੇਡ ਮੈਦਾਨ ਵਿਕਸਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਰਗ-ਰੌਣੀ ਅਤੇ ਖੰਨਾ ਰੋਡ ਨੂੰ ਮਜ਼ਬੂਤ ਕਰ ਕੇ ਲੋਕਾਂ ਨੂੰ ਵਧੀਆ ਸੜਕੀ ਸੰਪਰਕ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਲਈ ਮਿੰਨੀ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮਿੰਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ, ਜਿਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਪੇਂਡੂ ਆਵਾਜਾਈ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨਾਜਾਇਜ਼ ਜਾਇਦਾਦਾਂ, ਮਾਲ ਵਿਭਾਗ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਮੁਹਿੰਮ ਜਾਰੀ ਰੱਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਲੇਰਕੋਟਲਾ ਦੀ ਤਰੱਕੀ ਲਈ 200 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਅਤੇ ਸੂਬਾ ਸਰਕਾਰ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਲਈ ਦਿੜ੍ਹ ਸੰਕਲਪ ਹੈ।

