www.sursaanjh.com > ਸਿੱਖਿਆ > ਸਿਵਲ ਸਰਜਨ ਵਲੋਂ ਘੜੂੰਆਂ ਦੇ ਸਰਕਾਰੀ ਹਸਪਤਾਲ ਦਾ ਦੌਰਾ

ਸਿਵਲ ਸਰਜਨ ਵਲੋਂ ਘੜੂੰਆਂ ਦੇ ਸਰਕਾਰੀ ਹਸਪਤਾਲ ਦਾ ਦੌਰਾ

ਚੰਡੀਗੜ੍ਹ 1 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਘੜੂੰਆਂ ਦੇ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰ ਵਿਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਹਸਪਤਾਲ ਦੇ ਵੱਖ ਵੱਖ ਵਾਰਡਾਂ ਜਿਵੇਂ ਐਮਰਜੈਂਸੀ, ਜੱਚਾ-ਬੱਚਾ, ਟੀਕਾਕਰਨ ਆਦਿ ਵਿੱਚ ਫੇਰੀ ਪਾਈ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਮਰੀਜ਼ਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਕਤਾਰਾਂ ਵਿਚ ਖੜ੍ਹੇ ਹੋਣ ਦੀ ਬਜਾਏ ਆਪੋ ਆਪਣੀ ਆਭਾ ਆਈ.ਡੀ. ਬਣਵਾਉਣ ਅਤੇ ਕਿਊ.ਆਰ.ਕੋਡ ਜ਼ਰੀਏ ਟੋਕਨ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਉਨ੍ਹਾਂ ਦਾ ਸਮਾਂ ਵੀ ਬਚੇਗਾ ਅਤੇ ਡਾਕਟਰ ਵੀ ਵੱਧ ਮਰੀਜ਼ਾਂ ਨੂੰ ਚੈੱਕ ਕਰ ਸਕਣਗੇ। ਡਾ. ਜੈਨ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ।
ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾਕਟਰ ਦੁਆਰਾ ਲਿਖੀ ਹਰ ਜ਼ਰੂਰੀ ਦਵਾਈ ਹਸਪਤਾਲ ਦੇ ਅੰਦਰ ਹੀ ਮਿਲਣੀ ਚਾਹੀਦੀ ਹੈ ਅਤੇ ਜੇ ਕੋਈ ਦਵਾਈ ਬਾਹਰ ਨਿੱਜੀ ਦੁਕਾਨ ਵਿਖੇ ਉਪਲੱਬਧ ਹੈ ਤਾਂ ਹਸਪਤਾਲ ਇੰਚਾਰਜ ਦੀ ਜ਼ਿੰਮੇਵਾਰੀ ਹੈ ਕਿ ਉਹ ਮਰੀਜ਼ ਲਈ ਸਬੰਧਤ ਦਵਾਈ ਉਪਲੱਬਧ ਕਰਵਾਏ। ਡਾ. ਜੈਨ ਨੇ ਕਿਹਾ ਕਿ ਸਮੁੱਚੇ ਹਸਪਤਾਲ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਂ ਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਦਿਤਾ ਜਾ ਸਕੇ।  ਉਨ੍ਹਾਂ ਹਦਾਇਤ ਕੀਤੀ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਾਈਆਂ ਜਾਣ ਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਹਾਜ਼ਰੀ ਰਜਿਸਟਰ ਵੀ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਦਫ਼ਤਰ ਆਉਣ ਅਤੇ ਜਾਣ ਦੇ ਨਿਰਧਾਰਤ ਸਮੇਂ ’ਚ ਹਾਜ਼ਰੀ ਯਕੀਨੀ ਬਣਾਈ ਜਾਵੇ।

Leave a Reply

Your email address will not be published. Required fields are marked *