ਚੰਡੀਗੜ੍ਹ 28 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਹਾਲ ਹੀ ਵਿੱਚ ਪਿੰਡ ਤਿਊੜ ਦੇ ਬਜ਼ੁਰਗ ਪਰਮਜੀਤ ਸਿੰਘ ਵੱਲੋਂ ਸੋਸ਼ਲ ਮੀਡੀਆ ਨੂੰ ਦਿੱਤੀ ਗਈ ਇੱਕ ਇੰਟਰਵਿਊ ਵਿੱਚ ਪਿੰਡ ਦੀਆਂ ਸੜਕਾਂ ਦੀ ਖ਼ਰਾਬ ਹਾਲਤ ਅਤੇ ਹੋਰ ਲੋਕ-ਮੁੱਦੇ ਚੁੱਕੇ ਗਏ ਸਨ। ਇਨ੍ਹਾਂ ਮਸਲਿਆਂ ਨੂੰ ਉੱਪਰ ਲਿਆਂਦਾ ਜਾਣਾ ਲੋਕਤੰਤਰ ਵਿੱਚ ਇੱਕ ਨਾਗਰਿਕ ਦਾ ਅਧਿਕਾਰ ਹੈ, ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਵੱਲੋਂ ਇਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਪਰਿਵਾਰ ਦੇ ਮੈਂਬਰਾਂ ਨੂੰ ਧਮਕਾਇਆ ਜਾ ਰਿਹਾ ਹੈ।
ਇਸ ਗੰਭੀਰ ਮਾਮਲੇ ਨੂੰ ਲੈ ਕੇ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਪਿੰਡ ਤਿਊੜ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰ ਨੂੰ ਪੂਰਾ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਕਿਸਮ ਦੀ ਜ਼ਬਰਦਸਤੀ ਜਾਂ ਧਮਕਾਉਣ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪ੍ਰਸ਼ਾਸਨ ਨੂੰ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਕਿ ਜੇਕਰ ਇਸ ਪਰਿਵਾਰ ਨਾਲ ਕੋਈ ਵੀ ਘਟਨਾ ਵਾਪਰੀ ਤਾਂ ਜ਼ਿਲ੍ਹਾ ਕਾਂਗਰਸ ਕਮੇਟੀ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਲੋਕਾਂ ਦੀ ਆਵਾਜ਼ ਨੂੰ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਪੂਰੀ ਤਰ੍ਹਾਂ ਨਿੰਦਣਯੋਗ ਹੈ।

