ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 29 ਅਗਸਤ:


ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਕਾਰ ਸੇਵਾ 1 ਸਤੰਬਰ ਨੂੰ ਸ਼ੁਰੂ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਹ ਕਾਰ ਸੇਵਾ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਵਿੱਤਰ ਸਰੋਵਰ ਦੀ ਕਾਰ ਸੇਵਾ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਸਮੇਤ ਵੱਖ-ਵੱਖ ਸੂਬਿਆਂ ਦੀ ਸੰਗਤ ਆਪਣਾ ਯੋਗਦਾਨ ਪਾਏਗੀ। ਕਾਰ ਸੇਵਾ ਦੇ ਸ਼ੁਰੂਆਤੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਸੁੱਚਾ ਸਿੰਘ ਕਾਰ ਸੇਵਾ ਵਾਲੇ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਤੀਰਥ ਸਿੰਘ ਤਪ ਅਸਥਾਨ ਬਾਬਾ ਜੀਵਨ ਸਿੰਘ ਜੀ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਹਲਕੇ ਵਾਲੇ ਅਤੇ ਹੋਰ ਵੱਡੀ ਗਿਣਤੀ ਵਿੱਚ ਧਾਰਮਿਕ ਸ਼ਖ਼ਸੀਅਤਾਂ ਸ਼ਾਮਿਲ ਹੋਣਗੀਆਂ। ਭਾਈ ਚਾਵਲਾ ਨੇ ਦੱਸਿਆ ਕਿ ਇਹ ਇਤਿਹਾਸਕ ਕਾਰ ਸੇਵਾ ਇਕ ਹਫਤੇ ਤੋਂ ਘੱਟ ਸਮੇਂ ਵਿੱਚ ਪੂਰੀ ਕਰ ਲਈ ਜਾਵੇਗੀ।

