ਵਿਧਾਇਕ ਚੱਢਾ ਨੇ ਨਹਿਰੂ ਸਟੇਡੀਅਮ ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਰੂਪਨਗਰ (ਗੁਰਮੁਖ ਸਿੰਘ ਸਲਾਹਪੁਰੀ), 31 ਅਗਸਤ:


ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਅਤੇ ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਵੱਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਕਰਵਾਏ ਗਏ ਤਿੰਨ ਦਿਨਾ ਪ੍ਰੋਗਰਾਮ ਦੇ ਤਹਿਤ ਅੱਜ ਤੀਜੇ ਦਿਨ ਨਹਿਰੂ ਸਟੇਡੀਅਮ ਰੂਪਨਗਰ ਤੋਂ ਬੇਲਾ ਚੌਂਕ ਰੂਪਨਗਰ ਤੱਕ ਸਾਇਕਲ ਰੈਲੀ ਕੱਢੀ ਗਈ ਜਿਸ ਨੂੰ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਚੱਢਾ ਵੱਲੋਂ ਆਏ ਹਾਜ਼ਰੀਨ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਚੰਗੇ ਸਿਹਤ ਨਾਲ ਜੋੜਨਾ ਅਤੇ ਤੰਦਰੁਸਤ ਸਮਾਜ ਦਾ ਨਿਰਮਾਣ ਕਰਨਾ ਹੈ। ਉਨ੍ਹਾਂ ਕਿਹਾ ਕਿ ਚੰਗੀ ਸਿਹਤ ਲਈ ਸਾਨੂੰ ਸਾਈਕਲਿੰਗ ਨਾਲ ਜੁੜਨਾ ਚਾਹੀਦਾ ਹੈ ਤੇ ਨਾਲ ਹੀ ਖੇਡਾਂ ਤੇ ਯੋਗ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
ਉਨ੍ਹਾਂ ਹਾਜ਼ਰੀਨ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ ਤਾਂ ਜੋ ਰੂਪਨਗਰ ਦੇ ਨਾਮ ਨਾਲ ਜਾਣੇ ਜਾਂਦੇ ਸਾਡੇ ਜ਼ਿਲ੍ਹੇ ਦਾ ਮਾਣ ਹੋਏ ਹੋਰ ਉੱਚਾ ਹੋ ਸਕੇ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਨੇ ਦੱਸਿਆ ਕਿ ਇਸ ਰੈਲੀ ਵਿੱਚ ਪੈਡਲਰ ਰਨਰ ਕਲੱਬ, ਸਾਇਕਲ ਕਲੱਬ ਰੂਪਨਗਰ ਅਤੇ ਖੇਡ ਵਿਭਾਗ ਦੇ 200 ਤੋਂ ਵੱਧ ਸਾਈਕਲਿਸਟਾਂ ਨੇ ਭਾਗ ਲਿਆ ਅਤੇ ਵਿਭਾਗ ਵੱਲੋਂ ਉਨ੍ਹਾਂ ਦੀ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ।

