www.sursaanjh.com > ਅੰਤਰਰਾਸ਼ਟਰੀ > ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਵੀ ਹੜ੍ਹ ਪੀੜਤਾਂ ਦੀ ਕੀਤੀ ਸਹਾਇਤਾ

ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਵੀ ਹੜ੍ਹ ਪੀੜਤਾਂ ਦੀ ਕੀਤੀ ਸਹਾਇਤਾ

ਚੰਡੀਗੜ੍ਹ 5 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਕੁਦਰਤੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਅਨੇਕਾਂ ਜਥੇਬੰਦੀਆਂ ਅਤੇ ਦਾਨੇ ਲੋਕ ਪਿਛਲੇ ਕਈ ਦਿਨਾਂ ਤੋਂ ਰਾਹਤ ਸਮੱਗਰੀ ਇਕੱਤਰ ਕਰਕੇ ਹੜ੍ਹ ਪੀੜਤ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਭੇਜਣ ਵਿੱਚ ਲੱਗੇ ਹੋਏ ਹਨ। ਬਲਾਕ ਮਾਜਰੀ ਵਿਖੇ ਵੀ ਲੋਕ ਹਿੱਤ ਮਿਸ਼ਨ ਵੱਲੋਂ ਵੱਖ-ਵੱਖ ਪਿੰਡਾਂ ਵਿੱਚੋਂ ਸਮੱਗਰੀ ਇਕੱਤਰ ਕਰਕੇ ਰੋਜਮਰ੍ਹਾ ਦੀਆਂ ਚੀਜ਼ਾਂ ਦੇ ਪੈਕਟ ਤਿਆਰ ਕਰਕੇ ਵੱਖ-ਵੱਖ ਇਲਾਕਿਆਂ ਵਿੱਚ ਭੇਜਣ ਲਈ ਦਿਨ ਰਾਤ ਇੱਕ ਕਰ ਰਹੇ ਹਨ। ਅੱਜ ਇਲਾਕੇ ਦੇ ਸੀਨੀਅਰ ਅਕਾਲੀ ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਇਨ੍ਹਾਂ ਰਾਹਤ ਕਾਰਜਾਂ ਵਿਚ ਯੋਗਦਾਨ ਪਾਉਣ ਲਈ ਗੜ੍ਹੀ ਭੋਰਖਾ ਗੁਰਦੁਆਰਾ ਸਾਹਿਬ ਬਲਾਕ ਮਾਜਰੀ ਦਾ ਦੌਰਾ ਕੀਤਾ ਅਤੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਰਾਹਤ ਕਾਰਜਾਂ ਵਿੱਚ 15000 ਰੁਪਏ ਦਾ ਨਕਦ ਯੋਗਦਾਨ ਵੀ ਪਾਇਆ। ਚੌਧਰੀ ਸ਼ਿਆਮ ਲਾਲ ਨੇ ਦੱਸਿਆ ਕਿ ਕੁਦਰਤ ਅੱਗੇ ਕਿਸੇ ਦਾ ਜ਼ੋਰ ਨਹੀ, ਪਰ ਅਸੀਂ ਪੰਜਾਬੀਆਂ ਦੇ ਨਾਲ ਦਿਨ ਰਾਤ ਖੜੇ ਹਾਂ ਤੇ ਸੇਵਾ ਨਿਰੰਤਰ ਜਾਰੀ ਰਹੇਗੀ।
ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਦੀ ਕਥਿਤ ਲਾਪ੍ਰਵਾਹੀ ਕਾਰਨ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋਏ ਹਨ, ਕਿਉਂਕਿ ਜੇਕਰ ਸਮਾਂ ਰਹਿੰਦਿਆਂ ਅਗੇਤੇ ਪ੍ਰਬੰਧ ਕਰ ਲੈਂਦੀ ਤਾਂ ਅਜਿਹੇ ਹਾਲਾਤ ਨਾ ਬਣਦੇ। ਉਨ੍ਹਾਂ ਕਿਹਾ ਕਿ ਲੱਖਾਂ ਏਕੜ ਫ਼ਸਲ ਬਰਬਾਦ ਹੋਣ ਦੇ ਨਾਲ ਨਾਲ ਲੋਕਾਂ ਦੇ ਘਰਾਂ ਅਤੇ ਪਸ਼ੂ ਧੰਨ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ, ਪ੍ਰੰਤੂ “ਆਪ” ਅਤੇ ਸਰਕਾਰ ਦੇ ਆਗੂ ਲੋਕਾਂ ਦੀ ਬਾਂਹ ਫੜਨ ਦੀ ਬਜਾਏ ਸਿਆਸਤ ਕਰਕੇ ਪੀੜਤਾਂ ਦੇ ਜਖਮਾਂ ਤੇ ਨਮਕ ਛਿੜਕ ਰਹੇ ਹਨ। ਅਕਾਲੀ ਆਗੂ ਸ੍ਰ. ਪੁਰਖਾਲਵੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਿਛਲੇ ਪੰਦਰਾਂ ਦਿਨਾਂ ਤੋਂ ਪੰਜਾਬ ਦੇ ਹਰ ਕੋਨੇ ਵਿੱਚ ਲੋਕਾਂ ਦੀ ਹਰ ਪੱਖੋਂ ਸਹਾਇਤਾ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਸਮੂਹ ਪੰਜਾਬੀਆਂ ਦਾ ਧੰਨਵਾਦ ਕੀਤਾ ਜਿਹੜੇ ਪਾਰਟੀਬਾਜ਼ੀ ਅਤੇ ਫੋਕੀਆਂ ਬੰਦਸ਼ਾਂ ਤੋਂ ਉੱਪਰ ਉਠਕੇ ਪੀੜਤ ਪਰਿਵਾਰਾਂ ਨੂੰ ਇਸ ਆਫ਼ਤ ਵਿੱਚੋਂ ਕੱਢਣ ਲਈ ਸਿਰਤੋੜ ਯਤਨ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਿੰਦਰ ਸਿੰਘ ਬਜੀਦਪੁਰ ਸਮੇਤ ਇਲਾਕੇ ਦੇ ਸੱਜਣ ਹਾਜ਼ਰ ਸਨ।

Leave a Reply

Your email address will not be published. Required fields are marked *