ਚੰਡੀਗੜ੍ਹ 21 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਨੇੜਲੇ ਪਿੰਡ ਦੁਲੂੱਵਾਂ – ਖੱਦਰੀ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸਹੀਦੀ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਲਾਕੇ ਭਰ ਤੋਂ ਇਲਾਵਾ ਦੂਰੋਂ ਦੂਰੋਂ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਇਸ ਗੁਰਮਤਿ ਸਮਾਗਮ ਵਿੱਚ ਨਤਮਸਤਕ ਹੋਣ ਲਈ ਪੁੱਜਿਆ। ਇਨ੍ਹਾਂ ਸਮਾਗਮਾਂ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਜਿੰਦੂ ਨੇ ਦੱਸਿਆ ਕਿ ਬਾਬਾ ਭੁਪਿੰਦਰ ਸਿੰਘ ਮਾਜਰੇ ਵਾਲਿਆਂ ਦੇ ਸਹਿਯੋਗ ਨਾਲ ਪਿੰਡ ਦੁਲੂੱਵਾਂ ਖੱਦਰੀ ਵਿਖੇ ਇਹ ਮਹਾਨ ਗੁਰਮਤਿ ਸਮਾਗਮ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਲੈ ਕੇ ਉਸ ਪੰਡਾਲ ਤੱਕ ਜਿੱਥੇ ਇਹ ਸਮਾਗਮ ਕਰਵਾਏ ਜਾਣੇ ਸਨ, ਸਾਰੇ ਹੀ ਰਸਤੇ ਨੂੰ ਵਧੀਆ ਲਾਈਟ ਲੜੀਆਂ ਆਦਿ ਲਾ ਕੇ ਸਜਾਇਆ ਗਿਆ। ਐਸਪੀ ਮੋਹਿਤ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਸਨ। ਗੁਰਮਤਿ ਸਮਾਗਮ ਵਿੱਚ ਸਿੱਖ ਪੰਥ ਦੇ ਮਹਾਨ ਸੰਤ ਮਹਾਂਪੁਰਸ਼ ਬਾਬਾ ਦਰਬਾਰਾ ਸਿੰਘ ਰੋਹੀਸਰ ਵਾਲੇ, ਬਾਬਾ ਗੁਲਾਬ ਸਿੰਘ ਸ੍ਰੀ ਚਮਕੌਰ ਸਾਹਿਬ ਵਾਲੇ, ਭਾਈ ਈਸ਼ਰ ਸਿੰਘ ਸੰਗਤਪੁਰਾ, ਬਾਬਾ ਪ੍ਰਮਪ੍ਰੀਤ ਸਿੰਘ ਨਥਲਮਪੁਰ ਵਾਲਿਆਂ ਨੇ ਸ਼ਬਦ ਕੀਰਤਨ, ਕਥਾ, ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਜਿਨ੍ਹਾਂ ਵੱਲੋਂ ਇਸ ਦੋ ਦਿਨਾਂ ਦੇ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਮ ਨਾਲ ਜੋੜਿਆ ਅਤੇ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸੰਗਤਾਂ ਨੂੰ ਸੁਣਾਇਆ।
ਇਸ ਮੌਕੇ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ, ਰਾਜਨੀਤਕ ਪਾਰਟੀਆਂ ਦੇ ਆਗੂਆਂ ਸੀਨੀਅਰ ਅਕਾਲੀ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆਂ, ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ, ਯਾਦਵਿੰਦਰ ਸਿੰਘ ਬੰਨੀ ਕੰਗ, ਰਣਜੀਤ ਸਿੰਘ ਖੱਦਰੀ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਪੁੱਜੇ ਹੋਏ ਸਾਰੇ ਮਹਿਮਾਨਾਂ ਦਾ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਭੁਪਿੰਦਰ ਸਿੰਘ ਨੇ ਕਿਹਾ ਕਿ ਹੁਣ ਇਲਾਕੇ ਦੇ ਪਿੰਡਾਂ ਵਿੱਚ ਲਗਾਤਾਰ ਗੁਰਮਤਿ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਵਿੱਚ 350 ਸਾਲਾਂ ਸਹੀਦੀ ਸ਼ਤਾਬਦੀ ਨੂੰ ਸਮਰਪਿਤ ਅਤੇ ਆਉਣ ਵਾਲੇ ਦਿਨਾਂ ਵਿੱਚ ਸਹੀਦੀ ਪੰਦਰਵਾੜੇ ਨੂੰ ਸਮਰਪਿਤ ਵੀ ਸਮਾਗਮ ਹੋਣਗੇ। ਹੁਣ ਇਲਾਕੇ ਦੀਆਂ ਸੰਗਤਾਂ ਵਿੱਚ ਧਾਰਮਿਕ ਸਮਾਗਮਾਂ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜ਼ਿਆਦਾਤਰ ਨੌਜਵਾਨ ਪੀੜ੍ਹੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਗ ਰਹੀ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਪਿੰਡਾਂ ਦੇ ਲੋਕਾਂ ਨੂੰ ਵੀ ਅਪੀਲ ਹੈ ਕਿ ਵੱਧ ਤੋਂ ਵੱਧ ਗੁਰਮਤਿ ਸਮਾਗਮ ਕਰਵਾਉਣ ਲਈ ਅੱਗੇ ਆਉਣ ਜੇਕਰ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸੇਵਾ ਦੀ ਲੋੜ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਵੀ ਪਿੰਡ ਵਾਸੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਇਹੋ ਜਿਹੇ ਧਾਰਮਿਕ ਸਮਾਗਮ ਪਿੰਡ ਪਿੰਡ ਕਰਵਾਏ ਜਾਣ ਤਾਂ ਨੌਜਵਾਨ ਪੀੜ੍ਹੀ ਇਹੋ ਜਿਹੇ ਕਾਰਜਾਂ ਵਿੱਚ ਲਗ ਕੇ ਨਸ਼ਿਆਂ ਤੋਂ ਬਚੀ ਰਹਿ ਸਕਦੀ ਹੈ ਅਤੇ ਆਪਣਾ ਜੀਵਨ ਵਧੀਆ ਬਣਾਇਆ ਜਾ ਸਕਦਾ ਹੈ। ਇਸ ਦੋ ਰੋਜ਼ਾ ਗੁਰਮਤਿ ਸਮਾਗਮ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਵਿੱਚ ਪਿੰਡ ਦੇ ਨੌਜਵਾਨਾਂ ਵੱਲੋਂ ਤਨ, ਮਨ, ਧਨ ਨਾਲ ਸੇਵਾ ਨਿਭਾਈ ਗਈ। ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਜਿੰਦੂ ਤੋਂ ਇਲਾਵਾ ਹਰਜਿੰਦਰ ਸਿੰਘ ਸਰਪੰਚ, ਗੁਰਚਰਨ ਸਿੰਘ ਫੋਜੀ, ਸੋਨੀ ਦੁੱਲੂਆ, ਮਹਿੰਦਰ ਸਿੰਘ, ਸਰਬਜੀਤ ਸਿੰਘ ਸਾਬਕਾ ਸਰਪੰਚ, ਛਿੰਦਰਪਾਲ ਸਿੰਘ ਸਾਬਕਾ ਸਰਪੰਚ ਅਤੇ ਮਨਜਿੰਦਰ ਸਿੰਘ ਗਿਆਨੀ ਜੀ ਵੀ ਹਾਜ਼ਰ ਸਨ।

