ਚੰਡੀਗੜ੍ਹ, 11 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਇੰਡੀਅਨ ਜਰਨਲਿਸਟ ਯੂਨੀਅਨ ਨੇ ਨਵੀਂ ਦਿੱਲੀ ਵਿੱਚ ਅਫ਼ਗ਼ਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖ਼ਾਨ ਮੁੱਤਾਕੀ ਦੀ ਪ੍ਰੈੱਸ ਕਾਨਫ਼ਰੰਸ ਵਿੱਚੋਂ ਮਹਿਲਾ ਪੱਤਰਕਾਰਾਂ ਨੂੰ ਬਾਹਰ ਰੱਖਣ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਕੇ. ਸ੍ਰੀਨਿਵਾਸ ਰੈਡੀ ਅਤੇ ਸਕੱਤਰ ਜਨਰਲ ਬਲਵਿੰਦਰ ਸਿੰਘ ਜੰਮੂ ਨੇ ਅਫ਼ਗ਼ਾਨ ਮੰਤਰੀ ਦੇ ਇਸ ਕਦਮ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਇਸ ਕਾਰਵਾਈ ਨੂੰ ਤਾਲਿਬਾਨ ਦੀ ਪੁਰਸ਼ ਪ੍ਰਧਾਨ ਸਮਾਜ ਦੀ ਪਰੰਪਰਾ ਦਾ ਪ੍ਰਗਟਾਵਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਮਰਦਾਂ ਅਤੇ ਔਰਤਾਂ ਦੇ ਬਰਾਬਰ ਅਧਿਕਾਰਾਂ ਦੀ ਗਾਰੰਟੀ ਦਿੰਦਾ ਹੈ, ਭਾਰਤ ਦੀ ਧਰਤੀ ਉਪਰ ਅਜਿਹੀ ਘਟਨਾ ਬਰਦਾਸ਼ਤ ਯੋਗ ਨਹੀਂ ਹੋ ਸਕਦੀ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਮੰਦਭਾਗੀ ਘਟਨਾ ਨੇ ਕੇਵਲ ਮਹਿਲਾ ਪੱਤਰਕਾਰਾਂ ਦੇ ਮਾਣ ਸਨਮਾਨ ਨੂੰ ਹੀ ਠੇਸ ਨਹੀਂ ਪਹੁੰਚਾਈ, ਸਗੋਂ ਭਾਰਤ ਵਿੱਚ ਲਿੰਗ ਸਮਾਨਤਾ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਪ੍ਰਤੀਬੱਧਤਾ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਖੁੱਲ੍ਹੇਆਮ ਅਜਿਹੇ ਲਿੰਗ ਵਿਤਕਰੇ ਵਿਰੁੱਧ ਮਜ਼ਬੂਤ ਰੁੱਖ ਅਪਣਾਉਣਾ ਚਾਹੀਦਾ ਹੈ ਅਤੇ ਕੂਟਨੀਤਕ ਨੀਤੀ ਤਹਿਤ ਮਹਿਲਾ ਪੱਤਰਕਾਰਾਂ ਦਾ ਸਤਿਕਾਰ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਕਦਮ ਚੁੱਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਧਰਤੀ ਉਪਰ ਤਾਲਿਬਾਨ ਦੀਆਂ ਵਿਤਕਰੇ ਭਰਪੂਰ ਨੀਤੀਆਂ ਨੂੰ ਥਾਂ ਦੇਣੀ ਚਿੰਤਾਜਨਕ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਇਸ ਬਾਰੇ ਆਪਣੀ ਸਥਿਤੀ ਸਪਸ਼ਟ ਕਰਨ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਵਾਲੇ ਦੇਸ਼ ਵਿੱਚ ਸਮਾਨਤਾ ਅਤੇ ਨਿਆਂ ਦੀਆਂ ਕਦਰਾਂ-ਕੀਮਤਾਂ ਉਪਰ ਸਾਨੂੰ ਮਾਣ ਹੈ ਅਤੇ ਉਨ੍ਹਾਂ ਇਸ ਨੂੰ ਸਖ਼ਤੀ ਨਾਲ ਜਾਰੀ ਰੱਖਣ ਦੀ ਵਕਾਲਤ ਕੀਤੀ ਹੈ।

