ਚੰਡੀਗੜ੍ਹ 4 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਸਾਲਾਂ ਤੋਂ ਚੱਲੇ ਆ ਰਹੇ ਸੈਨਟ ਅਤੇ ਸਿੰਡੀਕੇਟ ਰਾਹੀਂ ਚੱਲ ਰਹੇ ਪ੍ਰਬੰਧ ਨੂੰ ਬਦਲ ਕੇ ਨਿਯੁਕਤੀ ਰਾਹੀਂ ਪ੍ਰਬੰਧਗੀ ਚੋਣਾਂ ਕਰਨ ਅਤੇ ਪੜ੍ਹਾਈ ਲਈ ਨਵੇਂ ਵਿਦਿਆਰਥੀਆਂ ਤੋਂ ਇੱਕ ਐਫੀਡੇਵਟ ਜ਼ਬਰੀ ਸਾਇਨ ਕਰਵਾਉਣ ਤੋਂ ਇਲਾਵਾ ਹੋਰ ਵੀ ਮਾਮਲਿਆਂ ਨੂੰ ਲੈ ਕੇ ਵਾਈਸ ਚਾਂਸਲਰ ਦੇ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਇਸ ਧਰਨੇ ਵਿਚ ਹਲਕਾ ਖਰੜ ਤੋਂ ਸੀਨੀਅਰ ਅਕਾਲੀ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆਂ ਵੱਲੋਂ ਆਪਣੇ ਸਾਥੀਆਂ ਸਮੇਤ ਪੁੱਜ ਕੇ ਧਰਨੇ ਨੂੰ ਸਮਰਥਨ ਦਿੱਤਾ ਗਿਆ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੌਧਰੀ ਮਾਜਰੀਆਂ ਨੇ ਕੇਂਦਰ ਦੀ ਇਸ ਦਖਲਅੰਦਾਜ਼ੀ ਦੀ ਨਿੰਦਾ ਕਰਦਿਆਂ ਕਿਹਾ ਕਿ ਤਕਰੀਬਨ ਸੱਤ ਦਿਨਾਂ ਤੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਧਰਨੇ ਤੇ ਬੈਠੇ ਹਨ ਤੇ ਇੱਕ ਨੌਜਵਾਨ ਭੁੱਖ ਹੜਤਾਲ ਤੇ ਵੀ ਬੈਠਾ ਹੈ। ਸੋਸ਼ਲ ਮੀਡੀਆ ਜ਼ਰੀਏ ਇਹ ਪੂਰੀ ਦੁਨੀਆ ਨੂੰ ਤਾਂ ਦਿਖ ਰਿਹਾ, ਪਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਨਹੀਂ ਦਿਸਿਆ। ਸ਼ਾਇਦ ਉਹ ਇਹ ਭੁੱਲ ਗਏ ਹਨ ਕਿ ਪੰਜਾਬ ਦੇ ਜੰਮਿਆਂ ਨੂੰ ਨਿੱਤ ਇਹੋ ਜਿਹੇ ਸੰਘਰਸ਼ ਕਰਨੇ ਪੈਂਦੇ ਹਨ। ਉਨ੍ਹਾਂ ਕਿਹਾ ਅਸੀਂ ਉਦੋਂ ਤੱਕ ਅਵਾਜ਼ ਬੁਲੰਦ ਕਰਦੇ ਰਹਾਂਗੇ, ਜਦੋਂ ਤੱਕ ਇਨ੍ਹਾਂ ਵਿਦਿਆਰਥੀਆਂ ਦੀਆਂ ਮੰਗਾਂ ਪ੍ਰਵਾਨ ਨਹੀਂ ਚੜ੍ਹਦੀਆਂ ਅਤੇ ਜੋ ਸੁਪਨਾ ਯੂਨੀਵਰਸਿਟੀ ਦਾ ਕੇਂਦਰੀਕਰਨ ਕਰ ਕੇ ਕੇਂਦਰ ਸਰਕਾਰ ਵੇਖੀ ਬੈਠੀ ਹੈ ,ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦਾ ਪ੍ਰਬੰਧ ਅਸਿੱਧੇ ਰੂਪ ਦੇ ਵਿੱਚ ਆਪਣੇ ਅਧੀਨ ਕਰ ਲਿਆ ਹੈ। ਉਹ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਪੰਜਾਬ ਵਾਸੀਆਂ ਨੂੰ ਇਸ ਹੋਂਦ ਦੀ ਲੜਾਈ ਨੂੰ ਜਿੱਤਣ ਲਈ ਵਿਦਿਆਰਥੀ ਜਥੇਬੰਦੀਆਂ ਦਾ ਸਾਥ ਦੇਣ ਦੀ ਲੋੜ ਹੈ। ਬੇਸ਼ੱਕ ਪੰਜਾਬ ਦੀਆਂ ਸਤਾਰਾਂ ਦੇ ਕਰੀਬ ਜਥੇਬੰਦੀਆਂ ਕੇਂਦਰ ਸਰਕਾਰ ਦੇ ਵਿਰੋਧ ਵਿਚ ਯੂਨੀਵਰਸਿਟੀ ਪੁੱਜ ਗਈਆਂ ਹਨ। ਪਰ ਅੱਜ ਸਾਰੇ ਮਤਭੇਦ ਭੁਲਾ ਕੇ ਰਾਜਨੀਤੀ ਦੇ ਦੋਹਰੇ ਚਿਹਰੇ ਢੱਕ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਸੰਘਰਸ਼ ਕਰਨ ਲਈ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਧਰਨੇ ਨੂੰ ਸਫਲ ਬਣਾਉਣ ਲਈ ਰੋਜ਼ਾਨਾ ਵੱਧ ਤੋਂ ਵੱਧ ਗਿਣਤੀ ਵਿੱਚ ਪੰਜਾਬ ਵਾਸੀ ਧਰਨੇ ਵਿੱਚ ਸ਼ਾਮਲ ਹੋਣ।ਇਸ ਮੌਕੇ ਉਨ੍ਹਾਂ ਤੋਂ ਇਲਾਵਾ ਹੋਰ ਵੀ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ।

