www.sursaanjh.com > ਅੰਤਰਰਾਸ਼ਟਰੀ > ਮੋਰਿੰਡਾ ‘ਚ ਫਰੀਦਕੋਟ ਤੋਂ ਆਰੰਭ ਨਗਰ ਕੀਰਤਨ ਦਾ ਭਰਵਾਂ ਸਵਾਗਤ

ਮੋਰਿੰਡਾ ‘ਚ ਫਰੀਦਕੋਟ ਤੋਂ ਆਰੰਭ ਨਗਰ ਕੀਰਤਨ ਦਾ ਭਰਵਾਂ ਸਵਾਗਤ

ਸੰਗਤਾਂ ਨੂੰ ਚਾਹ ਪਕੌੜਿਆਂ ਦਾ ਲੰਗਰ ਛਕਾਇਆ 
ਮੋਰਿੰਡਾ 22 ਨਵੰਬਰ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ):
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਫਰੀਦਕੋਟ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਅੱਜ ਮੋਰਿੰਡਾ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਸਿੱਖ ਸੰਗਤਾਂ ਅਤੇ ਬੀਬੀਆਂ ਨੇ ਹਾਜ਼ਰੀ ਭਰੀ। ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐਨ.ਪੀ. ਰਾਣਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਫਰੀਦਕੋਟ ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਖਾਲਸਾਈ ਬਾਣੇ ਵਿਚ ਸਜੇ ਪੰਜ ਸਿੰਘਾਂ ਦੀ ਅਗਵਾਈ ਵਿੱਚ ਇਹ ਸ਼ੋਭਾ ਯਾਤਰਾ ਜਦੋਂ ਅਨਾਜ ਮੰਡੀ ਮੋਰਿੰਡਾ ਪੁੱਜੀ ਤਾਂ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਬੀਰ ਦਵਿੰਦਰ ਸਿੰਘ ਬੱਲਾਂ, ਡੇਰਾ ਕਾਰ ਸੇਵਾ, ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਪ੍ਰਬੰਧਕ ਅਤੇ ਇਲਾਕੇ ਦੀ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਜ਼ੋਰਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸਮੇਤ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਜ਼ਬਰਦਸਤੀ ਹੋ ਰਹੇ ਅਨਿਆਏ ਅਤੇ ਧਰਮਿਕ ਜ਼ੁਲਮ ਦੇ ਵਿਰੁੱਧ ਆਪਣੀ ਸ਼ਹੀਦੀ ਦੇ ਕੇ ਸਾਰੀਆਂ ਕੌਮਾਂ ਦੇ ਹੱਕਾਂ ਦੀ ਰੱਖਿਆ ਕੀਤੀ। ਉਹਨਾਂ ਦੀ ਬੇਮਿਸਾਲ ਕੁਰਬਾਨੀ ਸਦੀਵੀ ਲੋਕਾਂ ਨੂੰ ਧਰਮ, ਸੱਚਾਈ ਅਤੇ ਮਨੁੱਖਤਾ ਦੇ ਰਾਹ ‘ਤੇ ਤੁਰਨ ਲਈ ਪ੍ਰੇਰਿਤ ਕਰਦੀ ਰਹੇਗੀ।

Leave a Reply

Your email address will not be published. Required fields are marked *