ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ:


ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਦੀਪ ਸਿੰਘ ਪੁਰੀ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਨੂੰ ਇਕ ਪੱਤਰ ਰਾਹੀਂ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਚੱਲ ਰਹੀ ਲੰਗਰ ਸੇਵਾ ਲਈ ਗੈਸ ਸਿਲੰਡਰਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਕਾਲਕਾ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਸਾਰੇ ਇਤਿਹਾਸਕ ਗੁਰਦੁਆਰਿਆਂ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਲੰਗਰ ਰੂਪ ਵਿੱਚ ਭੋਜਨ ਦੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਸਿੱਖ ਧਰਮ ਦੀ ਮਹਾਨ ਪ੍ਰੰਪਰਾ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿਸ਼ਵ ਪੱਧਰੀ ਤਣਾਅਪੂਰਨ ਹਾਲਾਤਾਂ ਅਤੇ ਜੰਗੀ ਸਥਿਤੀ ਕਾਰਨ ਗੈਸ ਏਜੰਸੀਆਂ ਵੱਲੋਂ ਗੈਸ ਸਿਲੰਡਰਾਂ ਦੀ ਸਪਲਾਈ ਰੁਕਣ ਦੀ ਜਾਣਕਾਰੀ ਮਿਲੀ ਹੈ, ਜਿਸ ਕਾਰਨ ਗੁਰਦੁਆਰਿਆਂ ਵਿੱਚ ਲੰਗਰ ਦੀ ਪ੍ਰਭਾਵਿਤ ਹੋ ਰਹੀ ਹੈ।
ਕਾਲਕਾ ਨੇ ਕਿਹਾ ਕਿ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੰਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਲੋੜੀਂਦੀ ਕਾਰਵਾਈ ਕਰਨ ਤਾਂ ਜੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੈਸ ਸਿਲੰਡਰਾਂ ਦੀ ਸਪਲਾਈ ਵਿੱਚ ਕੋਈ ਵੀ ਰੁਕਾਵਟ ਨਾ ਆਵੇ। ਉਨ੍ਹਾਂ ਇਹ ਵੀ ਬੇਨਤੀ ਕੀਤੀ ਕਿ ਦਿੱਲੀ ਦੇ ਸੰਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਇਤਿਹਾਸਕ ਗੁਰਦੁਆਰਿਆਂ ਵਿੱਚ ਚੱਲ ਰਹੀ ਲੰਗਰ ਸੇਵਾ ਬਿਨਾਂ ਕਿਸੇ ਵਿਘਨ ਦੇ ਲਗਾਤਾਰ ਜਾਰੀ ਰਹੇ ਅਤੇ ਸ਼ਰਧਾਲੂਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

