ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ:


ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੋਟੇ ਘੱਲੂਘਾਰੇ (ਕਾਹਨੂੰਵਾਨ) ਦੇ ਸਮੂਹ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ 17 ਮਈ 2026 ਦਿਨ ਐਤਵਾਰ ਨੂੰ ਸ਼ਾਮ ਤੋਂ ਰਾਤ ਤੱਕ ਬੜੀ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਇਹ ਮਹਾਨ ਸ਼ਹੀਦ ਕੌਮ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਨੇ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਅਦੁੱਤੀ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਇਹ ਸਮਾਗਮ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਅਤੇ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਨ ਦਾ ਮਹੱਤਵਪੂਰਨ ਮੌਕਾ ਹੋਵੇਗਾ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸਮਾਗਮ ਦੌਰਾਨ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੁਰੂ ਘਰ ਦੀਆਂ ਰਵਾਇਤਾਂ ਅਨੁਸਾਰ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਪਰਿਵਾਰਾਂ ਸਮੇਤ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਅਤੇ ਗੁਰਬਾਣੀ ਕੀਰਤਨ ਦਾ ਲਾਹਾ ਪ੍ਰਾਪਤ ਕਰਨ।

