ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ:


ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸ਼ਹੀਦੀ ਸਾਕਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਕੋਟਾਨਿ ਕੋਟਿ ਪ੍ਰਣਾਮ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਕੁਰਬਾਨੀਆਂ ਅਤੇ ਧਰਮ ਦੀ ਰੱਖਿਆ ਲਈ ਦਿੱਤੇ ਗਈਆਂ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਾਕਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਮਹਾਨ ਸ਼ਹੀਦਾਂ ਨੇ ਸਿੱਖ ਕੌਮ ਨੂੰ ਸੱਚ, ਨਿਆਂ ਅਤੇ ਧਰਮ ਦੇ ਮਾਰਗ ’ਤੇ ਡਟੇ ਰਹਿਣ ਦੀ ਅਮਰ ਪ੍ਰੇਰਣਾ ਦਿੱਤੀ। ਉਨਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਹਮੇਸ਼ਾ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਧਰਮ ਅਤੇ ਅਸੂਲਾਂ ਲਈ ਸੰਘਰਸ਼ ਕਰਨ ਦਾ ਹੌਸਲਾ ਦਿੰਦੀ ਰਹੇਗੀ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਹਰ ਸ਼ਹੀਦੀ ਸਾਕੇ ਨੇ ਮਨੁੱਖਤਾ ਦੀ ਰੱਖਿਆ, ਧਾਰਮਿਕ ਆਜ਼ਾਦੀ ਅਤੇ ਇਨਸਾਫ ਲਈ ਸਿੱਖ ਕੌਮ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੇ ਇਤਿਹਾਸ ਨਾਲ ਜੋੜੀਏ ਤਾਂ ਜੋ ਉਹ ਗੁਰਸਿੱਖੀ, ਸੇਵਾ ਅਤੇ ਕੁਰਬਾਨੀ ਦੀ ਮਹਾਨ ਪ੍ਰੰਪਰਾ ਨੂੰ ਅੱਗੇ ਵਧਾ ਸਕਣ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਦੀਵੀ ਪ੍ਰੇਰਣਾ ਲੈਣ ਦੀ ਸ਼ਕਤੀ ਬਖ਼ਸ਼ਣ।

