ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੈਨਸ਼ਨ-ਧਾਰਕਾਂ ਨਾਲ ਵਿਤਕਰਾ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੂਨ:


ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਪ੍ਰਸ਼ਾਸਨ ਵੱਲੋ ਯੂਨੀਵਰਸਿਟੀ ਵਿੱਚ ਕੰਮ ਕਰ ਰਹੇ ਆਪਣੇ ਟੀਚਿੰਗ ਅਤੇ ਨਾਨ-ਟੀਚਿੰਗ ਕਰਮਚਾਰੀਆਂ ਨੂੰ 2016 ਤੋਂ ਨਵੇਂ ਸੋਧੇ ਹੋਏ ਤਨਖਾਹ ਸਕੇਲਾਂ ਨਾਲ ਹੋਏ ਵਾਧੇ ਦਾ ਬਣਦਾ ਬਕਾਇਆ ਮਾਰਚ 2025 ਵਿੱਚ ਜਾਰੀ ਕਰ ਦਿੱਤਾ ਗਿਆ ਸੀ, ਪਰੰਤੂ ਪੰਜਾਬ ਯੂਨੀਵਰਸਿਟੀ ਨੇ ਆਪਣੇ ਪੈਨਸ਼ਨ-ਧਾਰਕਾਂ ਨੂੰ ਉਨ੍ਹਾਂ ਦੇ ਬਣਦੇ ਬਕਾਏ ਦੀ ਰਾਸ਼ੀ ਅਜੇ ਤੱਕ ਅਦਾ ਨਹੀਂ ਕੀਤੀ। ਜ਼ਾਹਰ ਹੈ ਕਿ ਯੂਨੀਵਰਸਿਟੀ ਆਪਣੇ ਪੈਨਸ਼ਨ-ਧਾਰਕਾਂ ਨਾਲ ਮਤਰੇਈ- ਮਾਂ ਵਾਲਾ ਸਲੂਕ ਕਰ ਰਹੀ ਹੈ।
ਪੰਜਾਬ ਯੂਨੀਵਰਸਿਟੀ ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਦੇ ਪ੍ਰਧਾਨ ਤਿਲਕ ਰਾਜ ਵਧਵਾ ਨੇ ਦੱਸਿਆ ਕਿ ਉਨ੍ਹਾਂ ਵੱਲੇਂ ਪਿਛਲੇ ਸਮੇਂ ਦੌਰਾਨ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਨੂੰ ਲਿਖੇ ਅਨੇਕਾਂ ਪੱਤਰਾਂ ਅਤੇ ਭੇਜੀਆਂ ਈਮੇਲਜ਼ ਰਾਹੀਂ ਪੈਨਸ਼ਨ-ਧਾਰਕਾਂ ਦਾ ਬਣਦਾ ਬਕਾਇਆ ਤੁਰੰਤ ਜਾਰੀ ਕਰਨ ਲਈ ਬੇਨਤੀਆਂ ਕੀਤੀਆਂ ਗਈਆਂ। ਉਨ੍ਹਾਂ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਪ੍ਰਸਾਸ਼ਨ ਵੱਲੋ ਇਨ੍ਹਾਂ ਪੱਤਰਾਂ ਅਤੇ ਈਮੇਲਜ਼ ਦਾ ਕਦੇ ਵੀ ਕੋਈ ਜਵਾਬ ਨਹੀਂ ਦਿੱਤਾ ਗਿਆ। ਸ੍ਰੀ ਵਧਵਾ ਨੇ ਅੱਗੇ ਕਿਹਾ ਕਿ ਯੂਨੀਵਰਸਿਟੀ ਦੇ ਇਸ ਵਕਤ ਲਗਭਗ ਤਿੰਨ ਹਜ਼ਾਰ ਪੈਨਸ਼ਨ-ਧਾਰਕ।ਇਨ੍ਹਾਂ ਪੈਨਸ਼ਨ-ਧਾਰਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਯੂਨੀਵਰਸਿਟੀ ਵੱਲੋਂ ਹਾਲੇ ਤੱਕ ਕੋਈ ਵੀ “ਸ਼ਿਕਾਇਤ ਸੈੱਲ” ਸਥਾਪਿਤ ਨਹੀਂ ਕੀਤਾ ਗਿਆ। ਉਨ੍ਹਾਂ ਯੂਨੀਵਰਸਿਟੀ ਪ੍ਰਸਾਸ਼ਨ ਨੂੰ ਸਪੱਸ਼ਟ ਲਿਖਿਆ ਹੈ ਕਿ ਇਸ ਵਿਤਕਰੇ-ਭਰਪੂਰ ਅਤੇ ਤਾਨਾਸ਼ਾਹੀ ਰਵੱਈਏ ਕਾਰਨ ਯੂਨੀਵਰਸਿਟੀ ਦੇ ਪੈਨਸ਼ਨ-ਧਾਰਕਾਂ ਦੇ ਮਨਾਂ ਅੰਦਰ ਬੇਗਾਨਗੀ ਅਤੇ ਰੋਹ ਦੀ ਭਾਵਨਾ ਪੈਦਾ ਹੋ ਗਈ ਹੈ। ਉਨ੍ਹਾਂ ਅੱਗ ਕਿਹਾ ਕਿ ਜੇਕਰ ਯੂਨੀਵਰਸਿਟੀ ਅਧਿਕਾਰੀ ਸਾਡੀਆਂ ਹੱਕੀ ਮੰਗਾਂ ਨਹੀਂ ਮੰਨਦੇ ਤਾਂ ਅਸੀਂ ਆਪਣੇ ਹੱਕ ਲੈਣ ਲਈ ਕਾਨੂੰਨੀ ਜਾਰਾਜੋਈ ਕਰਨ ਲਈ ਮਜ਼ਬੂਰ ਹੋਵਾਂਗੇ।

