ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ:
ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ-42 (ਬਡਹੇੜੀ) ਸਥਿਤ ਦਫਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੰਸਥਾ ਦੇ ਮੈਂਬਰਾਂ, ਬੁੱਧੀਜੀਵੀਆਂ ਅਤੇ ਪੰਜਾਬੀ ਪ੍ਰੇਮੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਜੋਗ, ਮੁੱਖ ਸਲਾਹਕਾਰ ਰਾਜਕੁਮਾਰ ਸਾਹੋਵਾਲੀਆ ਸਾਬਕਾ ਡਿਪਟੀ ਸਕੱਤਰ ਪੰਜਾਬ ਸਰਕਾਰ, ਸਲਾਹਕਾਰ ਬਲਵਿੰਦਰ ਸਿੰਘ ਅਤੇ ਪ੍ਰਭਦੀਪ ਸਿੰਘ ਆਦਿ ਸ਼ਾਮਲ ਸਨ।


ਮੀਟਿੰਗ ਵਿੱਚ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮਾਂ ਬੋਲੀ ਪੰਜਾਬੀ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਅਤੇ ਸਨਮਾਨ ਦੇਣ ਲਈ “ਮਾਂ-ਬੋਲੀ ਪੰਜਾਬੀ ਕਮਿਸ਼ਨ” ਦੀ ਸਥਾਪਨਾ ਕੀਤੀ ਜਾਵੇ, ਜਿਸ ਦੀ ਕਾਰਜਵਿਧੀ ਮੌਜੂਦਾ ਐਸ.ਸੀ. ਕਮਿਸ਼ਨ ਅਤੇ ਮਹਿਲਾ ਕਮਿਸ਼ਨ ਦੀ ਤਰਜ ਤੇ ਹੋਵੇ। ਸੰਸਥਾ ਦੇ ਪ੍ਰਧਾਨ ਬਹਾਦਰ ਸਿੰਘ ਗੋਸਲ ਨੇ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਲਾਗੂ ਕਰਨ ਸਮੇਂ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨਾ ਵਰਤੀ ਜਾਵੇ ਅਤੇ ਪੰਜਾਬੀ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਲਈ ਇਸ ਕਮਿਸ਼ਨ ਦੀ ਸਥਾਪਨਾ ਦੀ ਇਸ ਸਮੇਂ ਦੀ ਜ਼ਰੂਰੀ ਲੋੜ ਹੈ। ਉਨ੍ਹਾਂ ਇਸ ਮੰਗ ਨੂੰ ਜਲਦੀ ਪੂਰਾ ਕਰਨ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸੰਸਥਾ ਦਾ ਇਕ ਵਫ਼ਦ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੂੰ ਇਸ ਕਮਿਸ਼ਨ ਦੀ ਸਥਾਪਨਾ ਲਈ ਮਿਲ਼ੇਗਾ। ਇਸ ਮੌਕੇ ਤੇ ਬੋਲਦਿਆਂ ਰਾਜ ਕੁਮਾਰ ਸਾਹੋਵਾਲੀਆ ਅਤੇ ਜਗਤਾਰ ਸਿੰਘ ਜੋਗ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੰਸਥਾ ਦੀ ਇਹ ਮੰਗ ਮੰਨ ਕੇ ਪੰਜਾਬੀ ਮਾਂ ਬੋਲੀ ਨੂੰ ਬਣਦਾ ਸਤਿਕਾਰ ਅਤੇ ਸਨਮਾਨ ਦੇਣਾ ਚਾਹੀਦਾ ਹੈ।

