Breaking
www.sursaanjh.com > Uncategorized > ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪ੍ਰੀਖਿਆ ਪ੍ਰਣਾਲੀ ਨੂੰ ਨਿਰਪੱਖ ਤੇ ਭਰੋਸੇਯੋਗ ਬਣਾਉਣ ਦੀ ਮੰਗ

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪ੍ਰੀਖਿਆ ਪ੍ਰਣਾਲੀ ਨੂੰ ਨਿਰਪੱਖ ਤੇ ਭਰੋਸੇਯੋਗ ਬਣਾਉਣ ਦੀ ਮੰਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੁਲਾਈ:

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਨੀਟ ਪ੍ਰੀਖਿਆ ਨਾਲ ਜੁੜੇ ਵਿਦਿਆਰਥੀਆਂ ਦੇ ਸੰਘਰਸ਼ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਜੰਤਰ-ਮੰਤਰ ਅਤੇ ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ, ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਅਤੇ ਹੋਰ ਬਲ-ਪ੍ਰਯੋਗ ਦੀ ਸਖ਼ਤ ਨਿਖੇਧੀ ਕੀਤੀ ਹੈ। ਸਭਾ ਨੇ ਕਿਹਾ ਕਿ ਜਮਹੂਰੀ ਢੰਗ ਨਾਲ ਆਪਣੀ ਗੱਲ ਰੱਖ ਰਹੇ ਵਿਦਿਆਰਥੀਆਂ ਨਾਲ ਬਲ-ਪ੍ਰਯੋਗ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਇਸ ਦੇ ਨਾਲ ਹੀ ਸਭਾ ਨੇ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਅਤੇ ਦੇਸ਼ ਦੇ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਜੁੜੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਨਿਯਮਤਾ, ਲਾਪਰਵਾਹੀ ਜਾਂ ਅਵਿਸ਼ਵਾਸ ਦਾ ਸ਼ਿਕਾਰ ਨਹੀਂ ਬਣਨ ਦਿੱਤਾ ਜਾ ਸਕਦਾ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਵੱਲੋਂ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਗਿਆ ਕਿ ਐਨ.ਡੀ.ਏ. ਸਰਕਾਰ ਦੀ ਮੌਜੂਦਾ ਸਿੱਖਿਆ ਨੀਤੀ ਅਤੇ ਨੀਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਲੈ ਕੇ ਲਗਾਤਾਰ ਉੱਠ ਰਹੇ ਵਿਵਾਦ ਨੌਜਵਾਨਾਂ ਵਿੱਚ ਡੂੰਘੀ ਬੇਚੈਨੀ ਅਤੇ ਨਿਰਾਸ਼ਾ ਪੈਦਾ ਕਰ ਰਹੇ ਹਨ। ਜਦੋਂ ਵਾਰ-ਵਾਰ ਪ੍ਰੀਖਿਆਵਾਂ ਦੀ ਨਿਰਪੱਖਤਾ ਅਤੇ ਭਰੋਸੇਯੋਗਤਾ ਉੱਤੇ ਸਵਾਲ ਉੱਠਦੇ ਹਨ ਤਾਂ ਇਹ ਸਿਰਫ਼ ਇੱਕ ਪ੍ਰੀਖਿਆ ਦਾ ਨਹੀਂ, ਸਗੋਂ ਦੇਸ਼ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਦਾ ਸਵਾਲ ਬਣ ਜਾਂਦਾ ਹੈ।

ਅਹੁਦੇਦਾਰਾਂ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਦੀਆਂ ਸਿੱਖਿਆ ਨੀਤੀਆਂ ਵਿੱਚ ਵਿਦਿਆਰਥੀਆਂ ਦੀਆਂ ਅਸਲ ਲੋੜਾਂ, ਬਰਾਬਰੀ ਦੇ ਮੌਕਿਆਂ ਅਤੇ ਜਨਤਕ ਸਿੱਖਿਆ ਦੀ ਮਜ਼ਬੂਤੀ ਦੀ ਥਾਂ ਕੇਂਦਰੀਕਰਨ ਅਤੇ ਪ੍ਰੀਖਿਆ-ਕੇਂਦਰਿਤ ਪ੍ਰਣਾਲੀ ਨੂੰ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਨੀਟ ਸਮੇਤ ਕਈ ਪ੍ਰਤੀਯੋਗੀ ਪ੍ਰੀਖਿਆਵਾਂ ਨੂੰ ਲੈ ਕੇ ਸਾਹਮਣੇ ਆਏ ਵਿਵਾਦਾਂ ਨੇ ਇਹ ਚਿੰਤਾ ਹੋਰ ਗੰਭੀਰ ਕਰ ਦਿੱਤੀ ਹੈ ਕਿ ਸਰਕਾਰ ਵਿਦਿਆਰਥੀਆਂ ਦਾ ਭਰੋਸਾ ਬਹਾਲ ਕਰਨ ਵਿੱਚ ਨਾਕਾਮ ਰਹੀ ਹੈ। ਦੇਸ਼ ਦੇ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਅਜਿਹੇ ਮਾਮਲਿਆਂ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਜਾਂ ਗੈਰ-ਜਵਾਬਦੇਹੀ ਕਬੂਲ ਨਹੀਂ ਕੀਤੀ ਜਾ ਸਕਦੀ। ਕੇਂਦਰੀ ਪੰਜਾਬੀ ਲੇਖਕ ਸਭਾ ਨੇ ਮੰਗ ਕੀਤੀ ਕਿ ਨੀਟ ਸਮੇਤ ਸਾਰੀਆਂ ਰਾਸ਼ਟਰੀ ਪ੍ਰਤੀਯੋਗੀ ਪ੍ਰੀਖਿਆਵਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਇਸ ਦੇ ਨਾਲ ਹੀ ਸਿੱਖਿਆ ਨੀਤੀਆਂ ਨੂੰ ਅਜਿਹੀ ਦਿਸ਼ਾ ਦਿੱਤੀ ਜਾਵੇ ਜੋ ਸਮਾਜਿਕ ਨਿਆਂ, ਬਰਾਬਰੀ ਦੇ ਮੌਕੇ ਅਤੇ ਹਰ ਵਰਗ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਵੇ। ਸਾਹਿਤਕ ਅਤੇ ਬੌਧਿਕ ਜਥੇਬੰਦੀ ਹੋਣ ਦੇ ਨਾਤੇ ਕੇਂਦਰੀ ਪੰਜਾਬੀ ਲੇਖਕ ਸਭਾ ਮੰਨਦੀ ਹੈ ਕਿ ਨੌਜਵਾਨਾਂ ਦੇ ਸੁਪਨਿਆਂ, ਸਿੱਖਿਆ ਦੇ ਅਧਿਕਾਰ ਅਤੇ ਨਿਆਂਪੂਰਨ ਪ੍ਰੀਖਿਆ ਪ੍ਰਣਾਲੀ ਦੀ ਰਾਖੀ ਕਰਨਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸਭਾ ਨੀਟ ਨਾਲ ਜੁੜੇ ਵਿਦਿਆਰਥੀਆਂ ਦੇ ਜਮਹੂਰੀ ਸੰਘਰਸ਼ ਨਾਲ ਆਪਣੀ ਪੂਰੀ ਇਕਜੁੱਟਤਾ ਦਾ ਪ੍ਰਗਟਾਵਾ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਨਿਰਪੱਖ, ਭਰੋਸੇਯੋਗ ਅਤੇ ਵਿਦਿਆਰਥੀ-ਪੱਖੀ ਬਣਾਉਣ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ।

Leave a Reply

Your email address will not be published. Required fields are marked *