www.sursaanjh.com > ਸਿੱਖਿਆ > ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ  ਮੈਜਿਸਟਰੇਟ ਵੱਲੋਂ ਕੀਤਾ ਗਿਆ ਸਨਮਾਨਿਤ

ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ  ਮੈਜਿਸਟਰੇਟ ਵੱਲੋਂ ਕੀਤਾ ਗਿਆ ਸਨਮਾਨਿਤ

ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ  ਮੈਜਿਸਟਰੇਟ ਵੱਲੋਂ ਕੀਤਾ ਗਿਆ ਸਨਮਾਨਿਤ
ਚੰਡੀਗੜ੍ਹ 6 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ):
ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਏ ਬਿਨਾਂ ਸੰਭਾਲਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ’ਚ ਆਰੰਭੀਆਂ ਕੋਸ਼ਿਸ਼ਾਂ ਦੀ ਲੜੀ ਵਜੋਂ ਅੱਜ ਉਪ ਮੰਡਲ ਮੈਜਿਸਟਰੇਟ ਖਰੜ ਰਵਿੰਦਰ ਸਿੰਘ ਵੱਲੋਂ ਆਪਣੇ ਦਫ਼ਤਰ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਪ੍ਰਬੰਧਨ ਮਸ਼ੀਨਰੀ ਰਾਹੀਂ, ਇਸ ਦੀ ਸੁਚੱਜੀ ਵਰਤੋਂ ਕਰਨ ਵਾਲੇ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਣ ਦੀ ਸੰਭਾਲ, ਮਨੁੱਖੀ ਸਿਹਤ, ਭੂਮੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ, ਫ਼ਸਲਾਂ ਦੇ ਮਿੱਤਰ ਕੀੜਿਆਂ ਦੀ  ਰੱਖਿਆ ਲਈ ਕਿਸਾਨਾਂ ਨੂੰ ਅੱਗ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਝੋਨੇ ਦੀ ਪਰਾਲੀ ਦੀ ਅੱਗ ਤੋਂ ਰਹਿਤ ਹੋਣਗੇ, ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਪਰਾਲੀ ਦੀ ਸੁਚੱਜੀ ਵਰਤੋਂ ਅਤੇ ਵਾਤਵਰਣ ਦੀ ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਹੋਰਨਾਂ ਲਈ ਚਾਨਣ ਮੁਨਾਰਾ ਦੱਸਦੇ ਹੋਏ, ਦੂਜੇ ਕਿਸਾਨਾਂ ਨੂੰ ਉਨ੍ਹਾਂ ਪਾਸੋਂ ਸੇਧ ਅਤੇ ਸਲਾਹ ਲੈਣ ਲਈ ਅਪੀਲ ਕੀਤੀ।
ਇਸ ਮੌਕੇ ਜਿਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿੱਚ ਸੰਤ ਸਿੰਘ ਚੰਦੋ ਗੋਬਿੰਦਗੜ੍ਹ, ਸੁਖਵਿੰਦਰ ਸਿੰਘ ਸ਼ਾਹਪੁਰ, ਬਲਜਿੰਦਰ ਸਿੰਘ ਭਜੋਲੀ, ਚਰਨਜੀਤ ਸਿੰਘ ਸਿੱਬਲ ਮਾਜਰਾ ਅਤੇ ਕਿਰਤਜੋਤ ਸਿੰਘ ਸਿੱਬਲ ਮਾਜਰਾ ਸ਼ਾਮਿਲ ਹਨ। ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਨੇ ਸਬ ਡਵੀਜ਼ਨ ਖਰੜ ਦੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਕਿਸਾਨਾਂ ਤੋਂ ਸੇਧ ਲੈਣ ਅਤੇ ਵਾਤਾਵਰਣ ਨੂੰ ਬਚਉਣ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰੰਭੀ ਮੁਹਿੰਮ ’ਚ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ।

Leave a Reply

Your email address will not be published. Required fields are marked *