ਵਿਧਾਨ ਸਭਾ ਸ਼ੈਸ਼ਨ ਦੌਰਾਨ ਸਕੱਤਰੇਤ ਦੇ ਮੁਲਾਜ਼ਮਾਂ ਦਾ ਜ਼ੋਰਦਾਰ ਰੋਸ ਪ੍ਰਦਰਸ਼ਨ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਨਵੰਬਰ:
ਪੰਜਾਬ ਸਿਵਲ ਸਕੱਤਰੇਤ ਦੇ ਗਲਿਆਰੇ ਅੰਦਰ ਸੱਤ ਮੁਲਾਜ਼ਮ ਜਥੇਬੰਦੀਆਂ ਨੇ ਅੱਜ ਫੇਰ ਜੁਆਇੰਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਇੱਕ-ਮੁੱਠ ਹੋ ਕੇ 12 ਪ੍ਰਤੀਸ਼ਤ ਪੈਂਡਿੰਗ ਪਿਆ ਮਹਿੰਗਾਈ ਭੱਤਾ ਲੈਣ ਲਈ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਸਕੱਤਰੇਤ ਸਟਾਫ ਅਫਸਰ ਐਸੋਸੀਏਸ਼ਨ, ਸਕੱਤਰੇਤ ਸਟਾਫ ਕਰਮਚਾਰੀ ਐਸੋਸੀਏਸ਼ਨ, ਪਰਸਨਲ ਸਟਾਫ ਐਸੋਸੀਏਸ਼ਨ, ਮਾਲ ਵਿਭਾਗ ਕਰਮਚਾਰੀ ਐਸੋਸੀਏਸ਼ਨ, ਦਰਜਾ ਚਾਰ ਕਰਮਚਾਰੀ ਯੂਨੀਅਨ, ਪ੍ਰਹੁਣਚਾਰੀ ਵਿਭਾਗ ਯੂਨੀਅਨ ਅਤੇ ਡਰਾਈਵਰ ਯੂਨੀਅਨ ਦੇ ਨੁਮਾਇੰਦਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦਾ 34% ਡੀਏ ਵਧਾ ਕੇ ਆਈ.ਏ.ਐਸ. ਅਫਸਰਾਂ ਅਤੇ ਜੂਡੀਸ਼ੀਅਲ ਅਫਸਰਾਂ ਵਾਂਗ ਕੇਂਦਰ ਸਰਕਾਰ ਦੀ ਤਰਜ ਤੇ 46% ਕੀਤਾ ਜਾਵੇ। ਮੁਲਾਜ਼ਮ ਆਗੂਆਂ ਨੇ ਦੋਸ਼ ਲਗਾਇਆ ਕਿ ਮੌਜੂਦਾ ਵਿੱਤ ਮੰਤਰੀ ਹਰਪਾਲ ਚੀਮਾ ਵੀ ਪਿਛਲੇ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਦ ਚਿੰਨ੍ਹਾਂ ਤੇ ਚੱਲ ਪਿਆ ਅਤੇ ਮੁਲਾਜ਼ਮਾਂ ਦੇ ਹੱਕ ਮਾਰ ਰਿਹਾ ਹੈ।


ਜੁਆਇੰਟ ਐਕਸ਼ਨ ਕਮੇਟੀ ਦੇ ਮੁਲਾਜ਼ਮ ਆਗੂਆਂ ਨੇ ਵਿੱਤ ਮੰਤਰੀ ਨੁੰ ਦੀਵਾਲੀ ਤੋਂ ਪਹਿਲਾਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬੋਨਸ ਦੇਣ ਲਈ ਮਿਲ ਕੇ ਬੇਨਤੀ ਕੀਤੀ ਸੀ ਪ੍ਰੰਤੂ ਉਹਨਾਂ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਦਿੱਤਾ। ਹੁਣ ਫੇਰ ਮੁਲਾਜ਼ਮਾਂ ਨੇ ਗੁਰਪੂਰਬ ਤੱਕ ਮਹਿੰਗਾਈ ਭੱਤਾ ਰਲੀਜ਼ ਕਰਨ ਦੀ ਗੁਹਾਰ ਲਗਾਈ ਪ੍ਰੰਤੂ ਵਿੱਤ ਮੰਤਰੀ ਵੱਲੋਂ ਫੇਰ ਕੁੱਝ ਨਹੀਂ ਦਿੱਤਾ। ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕ ਦੇਣ ਸਬੰਧੀ ਵੱਟੀ ਚੁੱਪੀ ਤੋਂ ਮੁਲਾਜ਼ਮਾਂ ਵਿੱਚ ਬਹੁਤ ਗੁੱਸੇ ਦੀ ਲਹਿਰ ਹੈ। ਇਸ ਵੇਲੇ ਫੀਲਡ ਦੇ ਦਫਤਰਾਂ ਵਿੱਚ ਰੋਸ ਧਰਨੇ ਚੱਲ ਰਹੇ ਹਨ। ਮਨੀਸਟੀਰੀਅਲ ਸਟਾਫ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਫਰੰਟ ਵੱਲੋਂ ਵੀ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਕਿਸੇ ਵੀ ਜਥੇਬੰਦੀ ਨੂੰ ਮਿਲਣ ਲਈ ਸਮਾਂ ਨਹੀਂ ਦੇ ਰਹੀ, ਜਿਸ ਕਰਕੇ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਗੁੱਸਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। 24 ਨਵੰਬਰ ਨੂੰ ਸਕੱਤਰੇਤ ਦੇ ਮੁਲਾਜ਼ਮਾਂ ਦੀ ਇਸ ਜੁਆਇੰਟ ਐਕਸ਼ਨ ਕਮੇਟੀ ਨੇ ਮਿੰਨੀ ਸਕੱਤਰੇਤ ਵਿੱਚ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ, ਜਿਸ ਵਿੱਚ ਪੈਨਸ਼ਨਰਜ਼ ਐਸੋਸੀਏਸ਼ਨ ਨੇ ਵੀ ਸ਼ਮੂਲੀਅਤ ਕੀਤੀ ਅਤੇ ਸਕੱਤਰੇਤ ਦੇ ਮੁਲਾਜ਼ਮਾਂ ਦੇ ਨਾਲ ਖੜ੍ਹਨ ਦਾ ਭਰੋਸਾ ਦਿੱਤਾ।
ਮੁਲਾਜ਼ਮ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਮੁਲਾਜ਼ਮ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਹਨ, ਇਸ ਕਰਕੇ ਉਹਨਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਦਿੱਤਾ ਜਾਵੇ ਅਤੇ ਉਹਨਾਂ ਨੂੰ ਮੀਟਿੰਗ ਲਈ ਸਮਾਂ ਦਿੱਤਾ ਜਾਵੇ। ਕੋਈ ਵੀ ਮੁਲਾਜ਼ਮ ਰੋਸ ਮੁਜ਼ਾਹਰਾ ਨਹੀਂ ਕਰਨਾ ਚਾਹੁੰਦਾ ਪ੍ਰੰਤੂ ਜਦੋਂ ਸਰਕਾਰ ਉਹਨਾਂ ਦੇ ਹੱਕ ਮਾਰਨ ਲੱਗ ਜਾਵੇ ਤਾਂ ਫੇਰ ਮਜ਼ਬੂਰੀ ਵਿੱਚ ਧਰਨੇ ਦੇਣੇ ਪੈਂਦੇ ਹਨ। ਇਸ ਵੇਲੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਬਕਾਇਆ ਪਈਆਂ ਹਨ। ਏ.ਸੀ.ਪੀ. ਦਾ ਲਾਭ ਵੀ ਨਹੀਂ ਦਿੱਤਾ ਜਾ ਰਿਹਾ। ਛੇਂਵੇਂ ਪੇਅ ਕਮਿਸ਼ਨ ਦੇ ਬਕਾਏ ਰੋਕੇ ਹੋਏ ਹਨ। ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ। ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ। ਸਰਕਾਰ ਹਰ ਪੱਖ ਤੋਂ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ, ਜਿਸ ਕਰਕੇ ਅੱਜ ਰੈਲੀ ਵਿੱਚ ਮੁਲਾਜ਼ਮਾਂ ਨੇ ਸਰਕਾਰ ਪ੍ਰਤੀ ਜਮ ਕੇ ਨਾਅਰੇਬਾਜ਼ੀ ਕੀਤੀ। ਸਕੱਤਰੇਤ ਤੋਂ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ ਵਿਧਾਨ ਸਭਾ ਵੱਲ ਨੂੰ ਵਧੇ ਪ੍ਰੰਤੂ ਭਾਰੀ ਗਿਣਤੀ ਵਿੱਚ ਤੈਨਾਤ ਪੁਲਿਸ ਮੁਲਾਜ਼ਮਾਂ ਨੇ ਬਾਹਰ ਹੀ ਰੋਕ ਲਿਆ। ਮੁਲਾਜ਼ਮਾਂ ਨੇ ਮਾਨ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣੀ ਆਵਾਜ਼ ਵਿਧਾਨ ਸਭਾ ਦੇ ਅੰਦਰ ਬੈਠੇ ਹੁਕਮਰਾਨਾਂ ਤੱਕ ਪਹੁੰਚਾਈ। ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ, ਜਦੋਂ ਇਸੇ ਥਾਂ ਤੇ ਮੁਲਾਜ਼ਮਾਂ ਨੇ ਧਰਨਾ ਦਿੱਤਾ ਸੀ ਤਾਂ ਉਸ ਵੇਲੇ ਵਿਰੋਧੀ ਧਿਰ ਵਿਚੋਂ ਐਡਵੋਕੇਟ ਹਰਪਾਲ ਚੀਮਾ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਪ੍ਰਿੰਸੀਪਲ ਬੁੱਧ ਰਾਮ ਨੇ ਮੁਲਾਜ਼ਮਾਂ ਵਿੱਚ ਬਹਿ ਕੇ ਸਾਥ ਦਿੱਤਾ ਸੀ ਪਰੰਤੂ ਹੁਣ ਉਹ ਮੁਲਾਜ਼ਮਾਂ ਦੀ ਗੱਲ ਸੁਣਨ ਨੂੰ ਵੀ ਤਿਆਰ ਨਹੀਂ। ਜ਼ਿਕਰਯੋਗ ਹੈ ਕਿ ਸਕੱਤਰੇਤ ਮੁਲਾਜ਼ਮਾਂ ਦੇ ਇਸ ਧਰਨੇ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਸ਼ਮੂਲੀਅਤ ਕੀਤੀ ਅਤੇ ਮੁਲਾਜ਼ਮਾਂ ਦੇ ਨਾਲ਼ ਖੜ੍ਹਨ ਦਾ ਭਰੋਸਾ ਦਿੱਤਾ।
ਮੁਲਾਜ਼ਮ ਆਗੂਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਜੇਕਰ ਹਾਲੇ ਵੀ ਸਰਕਾਰ ਨਾ ਜਾਗੀ ਤਾਂ ਅਗਲੇ ਦਿਨਾਂ ਵਿੱਚ ਹੋਰ ਵੱਡੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਅੱਜ ਦੀ ਇਸ ਰੋਸ ਰੈਲੀ ਵਿੱਚ ਮੁਲਾਜ਼ਮ ਆਗੂ ਸੁਖਚੈਨ ਖਹਿਰਾ, ਮਨਜੀਤ ਰੰਧਾਵਾ, ਪਰਮਦੀਪ ਭਬਾਤ, ਸ਼ਾਮ ਲਾਲ ਸ਼ਰਮਾਂ, ਸੁਰਜੀਤ ਸੀਤਲ, ਮਲਕੀਤ ਔਜਲਾ, ਜਸਪ੍ਰੀਤ ਰੰਧਾਵਾ, ਸ਼ੁਸ਼ੀਲ ਕੁਮਾਰ, ਭੁਪਿੰਦਰ ਝੱਜ, ਕੁਲਵੰਤ ਸਿੰਘ, ਸ਼ੁਦੇਸ਼ ਕੁਮਾਰੀ, ਜਸਬੀਰ ਕੌਰ, ਅਲਕਾ ਚੋਪੜਾ, ਸਾਹਿਲ ਸ਼ਰਮਾਂ, ਮਿਥੁਨ ਚਾਵਲਾ ਇੰਦਰਪਾਲ ਭੰਗੂ, ਜਗਤਾਰ ਸਿੰਘ, ਪਰਮਬੀਰ ਸਿੰਘ, ਦਲਜੀਤ ਸਿੰਘ, ਮਨਪ੍ਰੀਤ ਸਿੰਘ, ਅਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ ਅਤੇ ਭਾਰੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਹਾਜ਼ਰੀ ਭਰੀ।
ਵੱਲੋਂ: ਜੁਆਇੰਟ ਐਕਸ਼ਨ ਕਮੇਟੀ, ਪੰਜਾਬ ਸਿਵਲ ਸਕੱਤਰੇਤ।

