www.sursaanjh.com > Uncategorized > ਸਕੱਤਰੇਤ ਦੇ ਮੁਲਾਜ਼ਮਾਂ ਦੀਆਂ ਰੋਸ ਰੈਲੀਆਂ ਕੱਲ੍ਹ ਤੋਂ

ਸਕੱਤਰੇਤ ਦੇ ਮੁਲਾਜ਼ਮਾਂ ਦੀਆਂ ਰੋਸ ਰੈਲੀਆਂ ਕੱਲ੍ਹ ਤੋਂ

ਸਕੱਤਰੇਤ ਦੇ ਮੁਲਾਜ਼ਮਾਂ ਦੀਆਂ ਰੋਸ ਰੈਲੀਆਂ ਕੱਲ੍ਹ ਤੋਂ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਦਸੰਬਰ:
ਪੰਜਾਬ ਸਿਵਲ ਸਕੱਤਰੇਤ ਦੀਆਂ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ ਅੱਜ ਸਕੱਤਰੇਤ ਵਿੱਚ ਹੋਈ, ਜਿਸ ਵਿੱਚ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਅਤੇ ਡੀਏ ਦੀਆਂ ਤਿੰਨ ਕਿਸ਼ਤਾਂ ਰਲੀਜ਼ ਨਾ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਵੱਲੋਂ ਧਾਰੀ ਚੁੱਪ ਦੀ ਨਿੰਦਾ ਕੀਤੀ ਗਈ। ਸਕੱਤਰੇਤ ਵਿੱਚ ਕੁੱਝ ਦਿਨ ਪਹਿਲਾਂ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਜ਼ਬਰਦਸਤ ਰੈਲੀਆਂ ਕੀਤੀਆਂ ਗਈਆਂ ਸਨ। ਉਸ ਵੇਲੇ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਵਿੱਤ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਦੋ ਦਿਨਾਂ ਵਿੱਚ ਚੰਗੀ ਖਬਰ ਆਉਣ ਦਾ ਭਰੋਸਾ ਦਿੱਤਾ ਸੀ। ਪ੍ਰੰਤੂ ਹਾਲੇ ਤੱਕ ਸਰਕਾਰ ਵੱਲੋਂ ਕੋਈ ਚਿੱਠੀ ਪੱਤਰ ਜਾਰੀ ਨਹੀਂ ਕੀਤਾ ਗਿਆ, ਜਿਸ ਕਰਕੇ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਪੰਜਾਬ ਸਟੇਟ ਮਨੀਸਟਰੀਅਲ ਸਟਾਫ ਯੂਨੀਅਨ ਵੱਲੋਂ ਫੀਲਡ ਦੇ ਸਾਰੇ ਦਫਤਰਾਂ ਵਿੱਚ ਹੜਤਾਲ ਚੱਲ ਰਹੀ ਹੈ ਅਤੇ ਸਾਂਝਾ ਮੁਲਾਜ਼ਮ ਮੰਗ ਵੱਲੋਂ ਵੀ ਰੋਸ ਧਰਨੇ ਦਿੱਤੇ ਜਾ ਰਹੇ ਹਨ, ਪ੍ਰੰਤੂ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਵਿੱਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਸਕੱਤਰੇਤ ਦੇ ਮੁਲਾਜ਼ਮ ਸ਼ਾਂਤ ਹੋ ਗਏ ਸਨ, ਪ੍ਰੰਤੂ ਹੁਣ ਫਿਰ ਦੁਬਾਰਾ ਸੰਘਰਸ਼ ਦੀ ਰੂਪ-ਰੇਖਾ ਉਲੀਕ ਰਹੇ ਹਨ। ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਕੱਲ 14 ਦਸੰਬਰ ਨੂੰ ਦੁਪਹਿਰ 1 ਵਜੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਰੋਸ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਗੱਲ ਨਾ ਸੁਣਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਫਿਰ ਵੀ ਸਰਕਾਰ ਵੱਲੋਂ ਹਾਂ-ਪੱਖੀ ਹੁੰਗਾਰਾ ਨਾ ਮਿਲਿਆ ਤਾਂ ਅਗਲੇ ਦਿਨ 15 ਦਸੰਬਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਵੇਰੇ 9 ਵਜੇ ਗੇਟ ਰੈਲੀ ਕਰਕੇ ਆਪਣੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਈ ਜਾਵੇਗੀ।  ਉਸ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਕੱਤਰੇਤ ਵਿੱਚ ਕਲਮ ਛੋਡੋ ਹੜਤਾਲ ਦਾ ਵੀ ਸੱਦਾ ਦਿੱਤਾ ਜਾ ਸਕਦਾ ਹੈ।
ਅੱਜ ਦੀ ਮੀਟਿੰਗ ਵਿੱਚ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਚੇਅਰਮੈਨ ਸੁਖਚੈਨ ਖਹਿਰਾ, ਸਕੱਤਰੇਤ ਅਫਸਰ ਕਾਡਰ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਰੰਧਾਵਾ, ਪਰਸਨਲ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਔਜਲਾ, ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਸ਼ੁਸ਼ੀਲ ਕੁਮਾਰ, ਵਿੱਤੀ ਕਮਿਸ਼ਨਰ ਮਾਲ ਇੰਪਲਾਈਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਲਕਾ ਚੋਪੜਾ, ਸਕੱਤਰੇਤ ਸਟਾਫ ਤੋਂ ਅਮਨਦੀਪ ਕੌਰ, ਸ਼ੁਦੇਸ਼ ਕੁਮਾਰੀ, ਜਸਬੀਰ ਕੌਰ, ਸਾਹਿਲ ਸ਼ਰਮਾਂ, ਮਨਵੀਰ ਸਿੰਘ, ਇੰਦਰਪਾਲ ਭੰਗੂ, ਸੰਦੀਪ ਕੌਸ਼ਲ, ਸੰਦੀਪ ਕੁਮਾਰ, ਦਲਜੀਤ ਸਿੰਘ, ਦਰਜਾ ਚਾਰ ਯੂਨੀਅਨ ਦੇ ਪ੍ਰਧਾਨ ਜਗਤਾਰ ਸਿੰਘ ਅਤੇ ਪ੍ਰਹੁਣਚਾਰੀ ਵਿਭਾਗ ਯੂਨੀਅਨ ਦੇ ਪ੍ਰਧਾਨ ਬਜਰੰਗ ਯਾਦਵ ਹਾਜ਼ਰ ਹੋਏ।

Leave a Reply

Your email address will not be published. Required fields are marked *