ਸ਼੍ਰੋਮਣੀ ਅਕਾਲੀ ਦਲ ਨਾਲ ਹਰ ਵਰਗ ਦਾ ਵੱਡੀ ਗਿਣਤੀ ਜੁੜਨਾ ਸ਼ੁਭ ਸ਼ਗਨ – ਰਾਜੂ ਖੰਨਾ
ਪਿੰਡ ਰਾਏਪੁਰ ਚੋਬਦਾਰਾ ਵਿਖੇ ਵੱਡੀ ਗਿਣਤੀ ਨੌਜਵਾਨ ਤੇ ਬੀਬੀਆਂ ਆਪ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ – ਰਾਜੂ ਖੰਨਾ
ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ:


ਪੰਜਾਬ ਦੇ ਲੋਕ ਪੰਜਾਬੀਆਂ ਦੀ ਅਪਣੀ ਪਾਰਟੀ ਸ੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ਤੇ ਮਜ਼ਬੂਤ ਕਰਨ ਲਈ ਵੱਡੇ ਪੱਧਰ ਤੇ ਅੱਗੇ ਆ ਰਹੇ ਹਨ, ਜਿਸ ਤਹਿਤ ਹਰ ਰੋਜ਼ ਹੀ ਸੂਬੇ ਦੇ ਲੋਕ ਵੱਖੋ ਵੱਖਰੀਆਂ ਪਾਰਟੀਆਂ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਿੰਡ ਰਾਏਪੁਰ ਚੋਬਦਾਰਾ ਵਿਖੇ ਯੂਥ ਆਗੂ ਨਿਸ਼ਾਨ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਛੱਡ ਵੱਡੀ ਗਿਣਤੀ ਨੌਜਵਾਨਾਂ ਤੇ ਬੀਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਵਾਉਣ ਸਮੇਂ ਕੀਤਾ।
ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਦਾ ਪਹਿਰੇਦਾਰ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ, ਜਿਸ ਵੱਲੋਂ ਸਮੇਂ ਸਮੇਂ ਹੱਕੀ ਮੰਗਾਂ ਲਈ ਕੇਂਦਰ ਦੀਆਂ ਸਰਕਾਰਾਂ ਖ਼ਿਲਾਫ਼ ਸਘੰਰਸ਼ ਹੀ ਨਹੀਂ ਕੀਤਾ ਸਗੋਂ ਪੰਜਾਬ ਦੇ ਹੱਕਾ ਲਈ ਜੇਲ੍ਹਾਂ ਵੀ ਕੱਟੀਆਂ। ਅੱਜ ਜੋ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਅੰਦਰ ਇਹਨਾਂ ਵੋਟਾਂ ਸਮੇਂ ਗੁੰਮਰਾਹ ਕਰ ਰਹੀਆਂ ਹਨ, ਉਹਨਾਂ ਤੋਂ ਸੁਚੇਤ ਰਹਿਣ ਦੀ ਵਧੇਰੇ ਲੋੜ ਹੈ, ਕਿਉਂਕਿ ਇਹਨਾਂ ਪਾਰਟੀਆਂ ਵੱਲੋਂ ਹਮੇਸ਼ਾ ਪੰਜਾਬ ਦੇ ਹੱਕਾਂ ਤੇ ਡਾਕਾ ਹੀ ਨਹੀਂ ਮਾਰਿਆਂ ਗਿਆ ਸਗੋਂ ਪੰਜਾਬੀਆਂ ਨਾਲ ਧੱਕੇਸ਼ਾਹੀ ਕਰਕੇ ਦੱਬਣ ਦੀ ਹਮੇਸ਼ਾ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ।
ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੂੰ ਵੋਟ ਦੇਣ ਤਾਂ ਜੋ ਹਲਕੇ ਦੀਆਂ ਸਮੱਸਿਆਂਵਾਂ ਦਾ ਹੱਲ ਹੋ ਸਕੇ। ਇਸ ਮੌਕੇ ਤੇ ਯੂਥ ਆਗੂ ਨਿਸ਼ਾਨ ਸਿੰਘ ਰਾਏਪੁਰ ਚੋਬਦਾਰਾ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਜਨਰਲ ਸਕੱਤਰ ਵੀ ਨਿਯੁਕਤ ਕੀਤਾ ਗਿਆ।
ਰਾਜੂ ਖੰਨਾ ਨੇ ਆਪ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਜਿਥੇ ਵਿਸ਼ੇਸ਼ ਸਨਮਾਨ ਕੀਤਾ, ਉਥੇ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਤੇ ਜ਼ਿਲ੍ਹਾ ਜਨਰਲ ਸਕੱਤਰ ਚਮਕੌਰ ਦੀ ਤੰਦਾਬੱਧਾ, ਸੀਨੀਅਰ ਆਗੂ ਹਰਬੰਸ ਸਿੰਘ ਚੌਬਦਾਰਾ, ਜਨਰਲ ਕੌਂਸਲ ਮੈਂਬਰ ਹਰਵਿੰਦਰ ਸਿੰਘ ਬਿੰਦਾ ਮਾਜਰੀ, ਸਾਬਕਾ ਸਰਪੰਚ ਪ੍ਰਕਾਸ਼ ਸਿੰਘ, ਜਥੇਦਾਰ ਸੱਜਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਫੋਟੋ ਕੈਪਸ਼ਨ – ਪਿੰਡ ਰਾਏਪੁਰ ਚੋਬਦਾਰਾ ਵਿਖੇ ਯੂਥ ਆਗੂ ਨਿਸ਼ਾਨ ਸਿੰਘ ਦੀ ਅਗਵਾਈ ਵਿੱਚ ਆਪ ਆਦਮੀ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਤੇ ਬੀਬੀਆਂ ਦਾ ਸਨਮਾਨ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸਮੁੱਚੀ ਲੀਡਰਸ਼ਿਪ।

